ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ ਤੇ ਜਲ ਤੋਪਾਂ ਚਲਾਉਣ ਦੀ ਵੱਖ-ਵੱਖ ਜਥੇਬੰਦੀਆਂ ਵਲੋਂ ਨਿੰਦਾ
ਸੰਗਰੂਰ, 3 ਦਸੰਬਰ (ਧੀਰਜ ਪਸ਼ੋਰੀਆ)-ਪਿਛਲੇ ਲੰਮੇ ਸਮੇਂ ਤੋਂ ਈ.ਟੀ.ਟੀ. ਦੀਆਂ ਰੁਲ ਰਹੀਆਂ ਦੋ ਭਰਤੀਆਂ 2364, 5994 ਦੇ ਬੇਰੁਜ਼ਗਾਰ ਅਧਿਆਪਕਾਂ 'ਤੇ ਸੀ.ਐਮ. ਹਾਊਸ ਸੰਗਰੂਰ ਅੱਗੇ ਕੀਤੇ ਗਏ ਲਾਠੀਚਾਰਜ ਅਤੇ ਜਲ ਤੋਪਾਂ ਚਲਾਉਣ ਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ, ਗੌਰਮਿੰਟ ਟੀਚਰਜ਼ ਯੂਨੀਅਨ, ਅਧਿਆਪਕ ਦਲ ਅਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਨੇ ਪੁਰਜ਼ੋਰ ਨਿੰਦਾ ਕੀਤੀ। ਡੀ. ਟੀ. ਐਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਤੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਜ਼ਿਲ੍ਹਾ ਪ੍ਰਧਾਨ ਦੇਵੀ ਦਿਆਲ, ਅਧਿਆਪਕ ਦਲ ਦੇ ਸੂਬਾ ਪ੍ਰਧਾਨ ਗੁਰਜੰਟ ਸਿੰਘ ਵਾਲੀਆ ਅਤੇ ਜ਼ਿਲ੍ਹਾ ਪ੍ਰਧਾਨ ਵਰਿੰਦਰਜੀਤ ਸਿੰਘ ਬਜਾਜ ਨੇ ਸਖਤ ਸ਼ਬਦਾਂ ਵਿਚ ਇਸ ਲਾਠੀਚਾਰਜ ਅਤੇ ਜਲ ਤੋਪਾਂ ਚਲਾਉਣ ਦੀ ਨਿੰਦਾ ਕਰਦਿਆਂ ਪੰਜਾਬ ਸਰਕਾਰ ਤੋਂ ਤੁਰੰਤ ਇਨ੍ਹਾਂ ਭਰਤੀਆਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਹੈ।