ਸ੍ਰੋਮਣੀ ਅਕਾਲੀ ਦਲ ਦੀ ਬਠਿੰਡਾ ਲੀਡਰਸ਼ਿਪ ਵਲੋਂ ਸੁਖਬੀਰ ’ਤੇ ਹਮਲੇ ਦੀ ਨਿਖੇਧੀ
ਬਠਿੰਡਾ, 4 ਦਸੰਬਰ (ਅੰਮ੍ਰਿਤਪਾਲ ਸਿੰਘ ਵਲਾਣ)- ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਜ਼ਿਲ੍ਹੇ ਨਾਲ ਸੰਬੰਧਿਤ ਸੀਨੀਅਰ ਲੀਡਰਸ਼ਿਪ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ, ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ, ਬਠਿੰਡਾ ਸ਼ਹਿਰੀ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ, ਤਲਵੰਡੀ ਸਾਬੋ ਦੇ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ, ਭੁੱਚੋ ਦੇ ਇੰਚਾਰਜ ਮਾਨ ਸਿੰਘ ਗੁਰੂ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਕੌਮੀ ਮੀਤ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ, ਚਮਕੌਰ ਸਿੰਘ ਮਾਨ, ਹਲਕਾ ਰਾਮਪੁਰਾ ਦੇ ਇੰਚਾਰਜ ਹਰਿੰਦਰ ਸਿੰਘ ਹਿੰਦਾ ਮਹਿਰਾਜ, ਰਾਜਵਿੰਦਰ ਸਿੰਘ ਸਿੱਧੂ, ਡਾ. ਓਮ ਪ੍ਰਕਾਸ਼ ਸ਼ਰਮਾ ਆਦਿ ਆਗੂਆਂ ਨੇ ਉਕਤ ਘਟਨਾ ਨੂੰ ਮੰਦਭਾਗਾ ਦੱਸਦਿਆ ਕਿਹਾ ਕਿ ਇਹ ਹਮਲਾ ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰ ’ਤੇ ਹਮਲਾ ਹੈ ਕਿਉਂਕਿ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਲਗਾਈ ਧਾਰਮਿਕ ਸਜ਼ਾ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੇ ਪ੍ਰਵੇਸ਼ ਦੁਆਰ ਦੇ ਬਾਹਰ ਸੇਵਾਦਾਰਾਂ ਵਾਲੇ ਨੀਲੇ ਚੋਲੇ ਪਾ ਕੇ ਨਿਮਾਣੇ ਸਿੱਖ ਵਜੋਂ ਸੇਵਾ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਹਮਲੇ ਨੇ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਦੀ ਲਾਪਰਵਾਹੀ ਵੀ ਸਾਹਮਣੇ ਲਿਆਂਦੀ ਹੈ। ਉਨ੍ਹਾਂ ਮੰਗ ਕੀਤੀ ਕਿ ਫੜੇ ਗਏ ਹਮਲਾਵਰ ’ਤੇ ਸਖ਼ਤ ਤੋਂ ਸਖ਼ਤ ਧਾਰਾ ਲਗਾਈ ਜਾਵੇ ਅਤੇ ਜਾਂਚ ਕੀਤੀ ਜਾਵੇ ਕਿ ਇਸ ਹਮਲੇ ਪਿੱਛੇ ਕਿਸ ਤਾਕਤ ਦਾ ਹੱਥ ਹੈ।