ਸ. ਸੁਖਬੀਰ ਸਿੰਘ ਬਾਦਲ 'ਤੇ ਜਾਨਲੇਵਾ ਹਮਲੇ ਪਿੱਛੇ ਗਹਿਰੀ ਸਾਜ਼ਿਸ਼- ਜਥੇ. ਕਰਨੈਲ ਸਿੰਘ
ਮੱਖੂ (ਫਿਰੋਜ਼ਪੁਰ), 4 ਦਸੰਬਰ (ਵਰਿੰਦਰ ਮਨਚੰਦਾ)-ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲੱਗੀ ਤਨਖ਼ਾਹ ਪੂਰੀ ਕਰਨ ਖ਼ਾਤਰ ਸ੍ਰੀ ਦਰਬਾਰ ਸਾਹਿਬ ਘੰਟਾ ਘਰ ਵਾਲੀ ਡਿਊਟੀ ਦੇ ਬਾਹਰ ਬੈਠ ਕੇ ਸੇਵਾ ਨਿਭਾਅ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾ ਕੇ ਜਾਨਲੇਵਾ ਹਮਲਾ ਕਰਨ ਦੀ ਸ਼੍ਰੋਮਣੀ ਅਕਾਲੀ ਦਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ਾ ਮੰਗਿਆ ਹੈ ਤੇ ਕਿਹਾ ਕਿ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਨਿਰਾਦਰ ਹੈ। ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਭਾਵੇਂ ਗੋਲੀ ਚਲਾਉਣ ਵਾਲਾ ਅਕਾਲ ਫੈਡਰੇਸ਼ਨ ਦਾ ਸਾਬਕਾ ਮੁਖੀ ਤੇ ਹੁਣ ਦਲ ਖ਼ਾਲਸਾ ਦਾ ਆਗੂ ਦੱਸਿਆ ਜਾ ਰਿਹਾ ਹੈ, ਨਰਾਇਣ ਸਿੰਘ ਜੌੜਾ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ, ਫਿਰ ਵੀ ਇਸ ਹਮਲੇ ਪਿੱਛੇ ਗਹਿਰੀ ਸਾਜ਼ਿਸ਼ ਰਚਨ ਵਾਲਿਆਂ ਦਾ ਪਤਾ ਲਗਾਇਆ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਹਮਲਾ ਸਰਕਾਰ ਦੀ ਅਣਗਹਿਲੀ ਦਾ ਨਤੀਜਾ ਹੈ ਤੇ ਮੁੱਖ ਮੰਤਰੀ ਨੂੰ ਇਸ ਬਾਰੇ ਆਪਣੀ ਜ਼ਿੰਮੇਵਾਰੀ ਕਬੂਲਣੀ ਚਾਹੀਦੀ ਹੈ ਤੇ ਅਸਤੀਫਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਪ੍ਰੰਪਰਾ ਅਨੁਸਾਰ ਪੰਜ ਸਿੰਘ ਸਾਹਿਬਾਨ ਨੇ ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਵਲੋਂ ਕੀਤੀਆਂ ਗਈਆਂ ਭੁੱਲਾਂ ਲਈ ਤਨਖ਼ਾਹ ਲਗਾ ਦਿੱਤੀ ਸੀ ਤਾਂ ਕਿਸੇ ਵੀ ਸਿੱਖ ਨੂੰ ਸੁਖਬੀਰ ਸਿੰਘ ਬਾਦਲ ਨੂੰ ਜਾਨੀ ਨੁਕਸਾਨ ਪਹੁੰਚਾਉਣ ਦਾ ਕੋਈ ਹੱਕ ਨਹੀਂ ਹੈ। ਅਜਿਹਾ ਕਰਨ ਵਾਲਾ ਗੁਰੂ ਦਾ ਸੱਚਾ ਸਿੱਖ ਹੋ ਹੀ ਨਹੀਂ ਸਕਦਾ ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਪੰਥ ਦੀ ਸਿਰਮੌਰ ਸੰਸਥਾ ਹੈ। ਇਥੋਂ ਦਿੱਤੇ ਗਏ ਹੁਕਮਾਂ ਨੂੰ ਮੰਨਣਾ ਹਰ ਗੁਰਸਿੱਖ ਲਈ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਅਤੇ ਸਮੂਹ ਪੰਜਾਬੀਆਂ ਨੂੰ ਸੁਚੇਤ ਰਹਿਣ ਦੀ ਲੋੜ ਹੈ।