ਬਲਕਾਰ ਸਿੰਘ ਬਰਾੜ ਵਲੋਂ ਸ. ਸੁਖਬੀਰ ਸਿੰਘ ਬਾਦਲ 'ਤੇ ਹਮਲੇ ਦੀ ਨਿਖੇਧੀ
ਬਠਿੰਡਾ, 4 ਦਸੰਬਰ (ਅੰਮ੍ਰਿਤਪਾਲ ਸਿੰਘ ਵਲਾਣ)-ਸ਼੍ਰੋਮਣੀ ਅਕਾਲੀ ਦਲ, ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਬਲਕਾਰ ਸਿੰਘ ਬਰਾੜ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਬਲਕਾਰ ਸਿੰਘ ਬਰਾੜ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਲਗਾਈ ਧਾਰਮਿਕ ਸਜ਼ਾ ਤਹਿਤ ਸ੍ਰੀ ਦਰਬਾਰ ਸਾਹਿਬ ਦੇ ਪ੍ਰਵੇਸ਼ ਦੁਆਰ ਦੇ ਬਾਹਰ ਸੇਵਾਦਾਰਾਂ ਵਾਲੇ ਨੀਲੇ ਚੋਲੇ ਪਾ ਕੇ ਨਿਮਾਣੇ ਸਿੱਖ ਵਜੋਂ ਸੇਵਾ ਕਰ ਰਹੇ ਸਨ। ਅਜਿਹੇ ਵਿਚ ਇਹ ਹਮਲਾ ਸ੍ਰੀ ਦਰਬਾਰ ਸਾਹਿਬ ਦੇ ਇਕ ਸੇਵਾਦਾਰ 'ਤੇ ਹਮਲਾ ਹੈ, ਜਿਸ ਦੀ ਜਿੰਨੀ ਨਿਖੇਧੀ ਕੀਤੀ ਜਾਵੇ, ਓਨੀ ਹੀ ਥੋੜ੍ਹੀ ਹੈ।