‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਨਸ਼ਾ ਸਪਲਾਈ ਵਿਚ ਆਈ ਭਾਰੀ ਕਮੀ-ਅਮਨ ਅਰੋੜਾ

ਜਲੰਧਰ, 5 ਅਪ੍ਰੈਲ (ਸ਼ਿਵ)- ਆਮ ਆਦਮੀ ਪਾਰਟੀ ਪੰਜਾਬ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਫ਼ਲ ਕਰਾਰ ਦਿੰਦੇ ਹੋਏ ਕਿਹਾ ਹੈ ਕਿ ਪੰਜਾਬ ਪੁਲਿਸ ਨੇ ਇਸ ਮੁਹਿੰਮ ਦੇ ਤਹਿਤ ਜਿਹੜੀ ਲਗਾਤਾਰ ਸਖ਼ਤ ਕਾਰਵਾਈ ਕੀਤੀ ਹੈ, ਉਸ ਦੇ ਕਾਫ਼ੀ ਚੰਗੇ ਨਤੀਜੇ ਸਾਹਮਣੇ ਆਉਣ ਲੱਗੇ ਹਨ, ਕਿਉਂਕਿ ਪਾਕਿਸਤਾਨ ਨੂੰ ਹੁਣ ਡਰੋਨ ਰਾਹੀਂ ਨਸ਼ਾ ਪੰਜਾਬ ਵਿਚ ਭੇਜਣ ਲਈ ਤਸਕਰ ਨਹੀਂ ਮਿਲ ਰਹੇ ਹਨ ਤੇ ਇਸ ਕਰਕੇ ਸੂਬੇ ਵਿਚ ਨਸ਼ਿਆਂ ਦੀ ਸਪਲਾਈ ਵਿਚ ਭਾਰੀ ਕਮੀ ਆਈ ਹੈ। ਅਮਨ ਅਰੋੜਾ ਅੱਜ ਨਾਰੀ ਨਿਕੇਤਨ ਵਿਚ ਇਕ ਕਰਵਾਏ ਗਏ ਸਮਾਗਮ ਵਿਚ ਸ਼ਾਮਿਲ ਹੋਣ ਲਈ ਵਿਸ਼ੇਸ਼ ਤੌਰ ’ਤੇ ਪੁੱਜੇ ਸਨ, ਜਿਥੇ ਕਿ ਉਹ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਨਸ਼ਿਆਂ ਖ਼ਿਲਾਫ਼ ਚੱਲ ਰਹੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਪੂਰੀ ਤਰ੍ਹਾਂ ਨਾਲ ਖ਼ਾਤਮਾ ਹੋਣ ਤੱਕ ਇਹ ਕਾਰਵਾਈ ਲਗਾਤਾਰ ਜਾਰੀ ਰਹੇਗੀ। ਉਨ੍ਹ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਲੜਾਈ ਕਿਸੇ ਇਕ ਵਿਅਕਤੀ ਦੀ ਨਹੀਂ ਹੈ, ਸਗੋਂ ਇਹ 3 ਕਰੋੜ ਪੰਜਾਬੀਆਂ ਦੀ ਲੜਾਈ ਹੈ, ਜਿਸ ਨੂੰ ਸਾਰੇ ਮਿਲ ਕੇ ਹੀ ਖ਼ਤਮ ਕਰ ਸਕਣਗੇ। ਉਨ੍ਹ੍ਹਾਂ ਨੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵਲੋਂ ਕੱਢੀ ਜਾ ਰਹੀ ਪੈਦਲ ਯਾਤਰਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ ਇਹ ਫ਼ੈਸਲੇ ਸ਼ਲਾਘਾਯੋਗ ਹਨ। ਇਕ ਮਹਿਲਾ ਕਾਂਸਟੇਬਲ ਦੇ ਹੈਰੋਇਨ ਨਾਲ ਗ੍ਰਿਫ਼ਤਾਰ ਕੀਤੇ ਜਾਣ ਬਾਰੇ ਪੁੱਛੇ ਸਵਾਲ ’ਤੇ ਸ੍ਰੀ ਅਰੋੜਾ ਨੇ ਕਿਹਾ ਕਿ ਇਸ ਤਰ੍ਹਾਂ ਦਾ ਜਾਲ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਵਿਚ ਚੱਲ ਰਿਹਾ ਸੀ, ਇਸ ਮਾਮਲੇ ਵਿਚ ਸਖ਼ਤ ਕਾਰਵਾਈ ਕੀਤੀ ਗਈ ਹੈ। ਉਨ੍ਹ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਵਿਚ ਫੈਲੀ ਇਸ ਖ਼ਤਰਨਾਕ ਬੁਰਾਈ ਨੂੰ ਖ਼ਤਮ ਕਰਨ ਦੀ ਕਾਰਵਾਈ ਪੰਜਾਬ ਪੁਲਿਸ ਵਲੋਂ ਪ੍ਰਭਾਵੀ ਤਰੀਕੇ ਨਾਲ ਕੀਤੀ ਜਾ ਰਹੀ ਹੈ। ਉਨ੍ਹ੍ਹਾਂ ਕਿਹਾ ਕਿ ਜੇਕਰ ਕੋਈ ਪੁਲਿਸ ਵਾਲਾ ਵੀ ਇਸ ਤਰ੍ਹਾਂ ਦੇ ਮਾਮਲਿਆਂ ਵਿਚ ਸ਼ਾਮਿਲ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਲੁਧਿਆਣਾ ਪੱਛਮੀ ਹਲਕੇ ਦੀ ਉਪ ਚੋਣ ਬਾਰੇ ਪੁੱਛੇ ਇਕ ਸਵਾਲ ’ਤੇ ਪੰਜਾਬ ‘ਆਪ’ ਪ੍ਰਧਾਨ ਨੇ ਕਿਹਾ ਕਿ ‘ਆਪ’ ਸਰਕਾਰ ਨੇ ਆਪਣੇ ਤਿੰਨ ਸਾਲ ਦੇ ਕਾਰਜਕਾਲ ਵਿਚ ਲੋਕ ਹਿਤਾਂ ਲਈ ਕੰਮ ਕੀਤੇ ਹਨ, ਉਨ੍ਹਾਂ ਦੇ ਆਧਾਰ ’ਤੇ ਹੀ ‘ਆਪ’ ਵਲੋਂ ਚੋਣ ਲੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਜਿਸ ਤਰ੍ਹਾਂ ਨਾਲ ਤਿੰਨ ਸਾਲ ਦੇ ਕਾਰਜਕਾਲ ਵਿਚ ਕੀਤੇ ਗਏ ਕੰਮਾਂ ਦੇ ਆਧਾਰ ’ਤੇ ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਵੱਡੇ ਅੰਤਰ ਨਾਲ ਜਿੱਤੀ ਸੀ ਤਾਂ ਉਸੇ ਤਰ੍ਹਾਂ ਨਾਲ ਲੁਧਿਆਣਾ ਦੀ ਪੱਛਮੀ ਹਲਕੇ ਦੀ ਜ਼ਿਮਨੀ ਚੋਣ ‘ਆਪ’ ਉਮੀਦਵਾਰ ਸੰਜੀਵ ਅਰੋੜਾ ਵੱਡੇ ਅੰਤਰ ਨਾਲ ਜਿੱਤ ਹਾਸਲ ਕਰਨਗੇ ਕਿਉਂਕਿ ਸ੍ਰੀ ਅਰੋੜਾ ਲੁਧਿਆਣਾ ਵਿਚ ਹਮੇਸ਼ਾ ਲੋਕ ਪੱਖੀ ਕੰਮਾਂ ਲਈ ਮੋਹਰੀ ਰਹੇ ਹਨ। ਜਲੰਧਰ ਵਿਚ ਇਕ ਯੂ ਟਿਊਬਰ ਰੋਜਰ ਸੰਧੂ ਦੇ ਘਰ ’ਤੇ ਗ੍ਰੇਨੇਡ ਹਮਲਾ ਕਰਨ ਦੀ ਜ਼ਿੰਮੇਵਾਰੀ ਲੈਣ ਵਾਲਾ ਅੱਤਵਾਦੀ ਸ਼ਹਿਜਾਦ ਭੱਟੀ ਵਲੋਂ ਪੰਜਾਬ ਪੁਲਿਸ ਨੂੰ ਧਮਕੀਆਂ ਦੇਣ ਬਾਰੇ ਪੁੱਛੇ ਸਵਾਲ ’ਤੇ ਕਿਹਾ ਕਿ ਪੰਜਾਬ ਪੁਲਿਸ ਇਸ ਤਰ੍ਹਾਂ ਦੇ ਸਮਾਜ ਵਿਰੋਧੀ ਅਨਸਰਾਂ ਨਾਲ ਚੰਗੀ ਤਰਾਂ ਨਾਲ ਨਜਿੱਠਣਾ ਜਾਣਦੀ ਹੈ। ਉਨ੍ਹ੍ਹਾਂ ਭੱਟੀ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਜੇਕਰ ਉਸ ਵਿਚ ਹਿੰਮਤ ਹੈ ਤਾਂ ਉਹ ਪੰਜਾਬ ਆ ਕੇ ਦਿਖਾਵੇ।