ਗੁਰਦਾਸਪੁਰ 'ਚ ਵਧ ਰਹੀਆਂ ਲੁੱਟ-ਖੋਹ ਤੇ ਚੋਰੀ ਦੀਆਂ ਘਟਨਾਵਾਂ 'ਤੇ ਐਡਵੋਕੇਟ ਪਾਹੜਾ ਨੇ ਪ੍ਰਗਟਾਈ ਚਿੰਤਾ

ਗੁਰਦਾਸਪੁਰ, 7 ਅਪ੍ਰੈਲ (ਗੁਰਪ੍ਰਤਾਪ ਸਿੰਘ)-ਗੁਰਦਾਸਪੁਰ ਸ਼ਹਿਰ ਵਿਚ ਲਗਾਤਾਰ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਹਾਲਤ ਇਹ ਬਣ ਚੁੱਕੀ ਹੈ ਕਿ ਲੋਕ ਆਪਣੇ ਘਰਾਂ ਨੂੰ ਛੱਡ ਕੇ ਇਕ ਦੋ ਦਿਨ ਲਈ ਕਿਤੇ ਬਾਹਰ ਜਾਣ ਤੋਂ ਵੀ ਡਰਦੇ ਨਜ਼ਰ ਆ ਰਹੇ ਹਨ। ਉਕਤ ਵਿਚਾਰ ਕਾਂਗਰਸ ਪਾਰਟੀ ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਕੌਂਸਲ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਪ੍ਰਗਟ ਕੀਤੇ। ਪਾਹੜਾ ਨੇ ਕਿਹਾ ਕਿ ਗੁਰਦਾਸਪੁਰ ਸ਼ਹਿਰ ਵਿਚ ਚੋਰੀ ਅਤੇ ਲੁੱਟ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਹਰ ਰੋਜ਼ ਕਿਸੇ ਨਾ ਕਿਸੇ ਜਗ੍ਹਾ 'ਤੇ ਵਾਰਦਾਤ ਸੁਣਨ ਨੂੰ ਮਿਲਦੀ ਹੈ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਲੋਕਾਂ ਦੀ ਸੁਰੱਖਿਆ ਦਾ ਦਮ ਭਰਨ ਵਾਲਾ ਪੁਲਿਸ ਪ੍ਰਸ਼ਾਸਨ ਇਸਨੂੰ ਰੋਕਣ ਲਈ ਕੋਈ ਯੋਗ ਕਦਮ ਨਹੀਂ ਚੁੱਕ ਰਿਹਾ, ਜਿਸ ਕਰਕੇ ਚੋਰਾਂ ਅਤੇ ਲੁਟੇਰਿਆਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਉਹ ਬਿਨਾਂ ਕਿਸੇ ਡਰ ਦੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ, ਜਦੋਂਕਿ ਪੁਲਿਸ ਦੇ ਹੱਥ ਖਾਲੀ ਹੀ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਹਾਲਤ ਇਹ ਬਣ ਚੁੱਕੀ ਹੈ ਕਿ ਪਹਿਲਾਂ ਰਾਤੀਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਸੀ ਪਰ ਹੁਣ ਦਿਨ-ਦਿਹਾੜੇ ਲੁੱਟਾਂ-ਖੋਹਾਂ ਅਤੇ ਚੋਰੀਆਂ ਹੋਣ ਲੱਗ ਪਈਆਂ ਹਨ, ਜਿਸ ਨਾਲ ਪੁਲਿਸ ਪ੍ਰਸ਼ਾਸਨ ਦੀ ਕਾਰਜਸ਼ੈਲੀ 'ਤੇ ਪ੍ਰਸ਼ਨ ਚਿੰਨ੍ਹ ਖੜ੍ਹੇ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਦੀ ਢਿੱਲੀ ਕਾਰਵਾਈ ਕਾਰਨ ਲੋਕ ਆਪਣੀ ਮਿਹਨਤ ਨਾਲ ਕਮਾਈ ਹੋਈ ਪੂੰਜੀ ਨੂੰ ਗਵਾ ਦਿੰਦੇ ਹਨ। ਜਦੋਂਕਿ ਪੁਲਿਸ ਸਿਰਫ ਕਾਰਵਾਈ ਕਰਨ ਦੀ ਖਾਨਾਪੂਰਤੀ ਕਰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਦਿਨੋਂ-ਦਿਨ ਵੱਧ ਰਹੀਆਂ ਲੁੱਟ-ਖੋਹ ਤੇ ਚੋਰੀ ਦੀਆਂ ਵਾਰਦਾਤਾਂ ਉਤੇ ਰੋਕ ਲਗਾਉਣ ਲਈ ਪੁਲਿਸ ਵਲੋਂ ਸਖਤ ਕਦਮ ਚੁੱਕੇ ਜਾਣ।