ਖਾਲਸਾ ਸਾਜਨਾ ਦਿਵਸ ਨੂੰ ਲੈ ਕੇ ਕਰਵਾਏ ਗਤਕਾ ਮੁਕਾਬਲੇ

ਸ੍ਰੀ ਅਨੰਦਪੁਰ ਸਾਹਿਬ, 12 ਅਪ੍ਰੈਲ (ਜੇ. ਐਸ. ਨਿੱਕੂਵਾਲ /ਕਰਨੈਲ ਸਿੰਘ)-326ਵੇਂ ਖ਼ਾਲਸਾ ਸਾਜਨਾ ਦਿਵਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਅਮਰਜੀਤ ਸਿੰਘ ਚਾਵਲਾ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਮੂਹ ਪ੍ਰਬੰਧਕਾਂ ਵਲੋਂ ਗਤਕਾ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਪੰਥ ਦੀ ਮਹਾਨ ਸ਼ਖ਼ਸੀਅਤ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਨੇ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਚਾਰ ਗੱਲਾਂ ਯਾਦ ਰੱਖਣ ਲਈ ਪ੍ਰੇਰਣਾ ਕੀਤੀ ਕਿ ਬੱਚੇ ਨਸ਼ਿਆਂ ਤੋਂ ਦੂਰ ਰਹਿਣ, ਝੂਠ ਨਾ ਬੋਲਣ, ਮਾਪਿਆਂ ਤੇ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਉੱਚਾ ਆਚਰਨ ਬਣਾ ਕੇ ਰੱਖਣ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਨੇ ਆਈਆਂ ਹੋਈਆਂ ਸੰਗਤਾਂ ਅਤੇ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਅਤੇ ਬੱਚਿਆਂ ਨੂੰ ਅੱਗੇ ਤੋਂ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਅਤੇ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਵਲੋਂ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਜਥੇਦਾਰ ਅਮਰਜੀਤ ਸਿੰਘ ਚਾਵਲਾ, ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਹਰਦੇਵ ਸਿੰਘ, ਮੀਤ ਮੈਨੇਜਰ ਕਰਮਜੀਤ ਸਿੰਘ, ਜਗਨੰਦਨ ਸਿੰਘ, ਸੁਖਬੀਰ ਸਿੰਘ, ਪ੍ਰਿੰਸੀਪਲ ਸਰਬਜੀਤ ਸਿੰਘ, ਸਤਨਾਮ ਸਿੰਘ ਝੱਜ, ਭਗਤ ਸਿੰਘ, ਗੁਰਪ੍ਰੀਤ ਸਿੰਘ, ਹਰਜਿੰਦਰ ਸਿੰਘ, ਤਲਵਿੰਦਰ ਸਿੰਘ, ਹਰਦੇਵ ਸਿੰਘ ਦੇਬੀ, ਰਾਜਵਿੰਦਰ ਸਿੰਘ ਰਾਜੂ ਆਦਿ ਹਾਜ਼ਰ ਸਨ।