ਫੌਜਾ ਸਿੰਘ ਸਰਾਰੀ ਨੇ ਗੁਰੂਹਰਸਹਾਏ ਮੰਡੀ 'ਚ ਕਣਕ ਦੀ ਸਰਕਾਰੀ ਖਰੀਦ ਕਰਵਾਈ ਸ਼ੁਰੂ

ਗੁਰੂਹਰਸਹਾਏ, 14 ਅਪ੍ਰੈਲ (ਕਪਿਲ ਕੰਧਾਰੀ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਗੁਰੂਹਰਸਹਾਏ ਦੇ ਵਿਧਾਇਕ ਫੌਜਾ ਸਿੰਘ ਸਰਾਰੀ ਵਲੋਂ ਅਨਾਜ ਮੰਡੀ ਗੁਰੂਹਰਸਹਾਏ ਵਿਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਗੁਰੂਹਰਸਹਾਏ ਦੇ ਚੇਅਰਮੈਨ ਸੁਸ਼ੀਲ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਗੱਲਬਾਤ ਕਰਦੇ ਹੋਏ ਹਲਕਾ ਵਿਧਾਇਕ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਕਣਕ ਦੀ ਖ਼ਰੀਦ ਲਈ ਮੰਡੀਆਂ ਵਿਚ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਕਣਕ ਦਾ ਇਕ-ਇਕ ਦਾਣਾ ਚੁੱਕਿਆ ਜਾਵੇਗਾ ਅਤੇ ਉਨ੍ਹਾਂ ਨੂੰ ਜ਼ਿਆਦਾ ਦੇਰ ਤੱਕ ਮੰਡੀਆਂ ਵਿਚ ਨਹੀਂ ਰੁਕਣਾ ਪਵੇਗਾ ਅਤੇ ਨਾਲ ਹੀ ਖਰੀਦੀ ਗਈ ਕਣਕ ਦੀ ਅਦਾਇਗੀ ਵੀ ਸਮੇਂ-ਸਿਰ ਕੀਤੀ ਜਾਵੇਗੀ।
ਇਸ ਦੌਰਾਨ ਉਨ੍ਹਾਂ ਉਥੇ ਮੌਜੂਦ ਕੁਝ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਅਤੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਫਸਲ ਵੇਚਣ ਵਿਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਤੁਰੰਤ ਉਨ੍ਹਾਂ ਦੇ ਧਿਆਨ ਵਿਚ ਲਿਆਉਣ ਤਾਂ ਜੋ ਉਨ੍ਹਾਂ ਦੀ ਸਮੱਸਿਆ ਦਾ ਹੱਲ ਜਲਦ ਕੀਤਾ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫ਼ਸਲ ਨੂੰ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਕਿ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸਕੱਤਰ ਮਾਰਕੀਟ ਕਮੇਟੀ ਗੁਰੂਹਰਸਹਾਏ ਬਿਕਰਮਜੀਤ ਸਿੰਘ, ਆੜ੍ਹਤੀਆ ਐਸੋਸੀਏਸ਼ਨ ਦੇ ਮੈਂਬਰ ਕਪਿਲ ਕੰਧਾਰੀ, ਕੁਲਬੀਰ ਬਰਾੜ,ਪ੍ਰੇਮ ਸਚਦੇਵਾ, ਸੂਰਜ ਕੁਮਾਰ, ਸਤਪਾਲ ਸਿੰਘ, ਸੰਦੀਪ ਸਿਡਾਨਾ, ਕਿਸਾਨ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।