ਵਕਫ਼ ਸੋਧ ਐਕਟ: ਸੁਪਰੀਮ ਕੋਰਟ ’ਚ 5 ਮਈ ਨੂੰ ਮੁੜ ਹੋਵੇਗੀ ਸੁਣਵਾਈ

ਨਵੀਂ ਦਿੱਲੀ, 17 ਅਪ੍ਰੈਲ- ਵਕਫ਼ ਸੋਧ ਐਕਟ ’ਤੇ ਅੱਜ ਦੂਜੇ ਦਿਨ ਸੁਪਰੀਮ ਕੋਰਟ ਵਿਚ ਲਗਭਗ ਇਕ ਘੰਟੇ ਤੱਕ ਸੁਣਵਾਈ ਹੋਈ। ਅਦਾਲਤ ਨੇ ਕੇਂਦਰ ਸਰਕਾਰ ਨੂੰ ਕਾਨੂੰਨ ’ਤੇ ਜਵਾਬ ਦੇਣ ਲਈ 7 ਦਿਨ ਦਾ ਸਮਾਂ ਦਿੱਤਾ ਹੈ। ਸਰਕਾਰ ਦੇ ਜਵਾਬ ਤੋਂ ਬਾਅਦ, ਪਟੀਸ਼ਨਕਰਤਾਵਾਂ ਨੂੰ 5 ਦਿਨਾਂ ਦੇ ਅੰਦਰ ਜਵਾਬ ਦੇਣਾ ਪਵੇਗਾ। ਅਗਲੀ ਸੁਣਵਾਈ 5 ਮਈ ਨੂੰ ਦੁਪਹਿਰ 2 ਵਜੇ ਹੋਵੇਗੀ। ਸੁਪਰੀਮ ਕੋਰਟ ਨੇ ਕਿਹਾ ਕਿ ਕਾਨੂੰਨ ਵਿਰੁੱਧ ਦਾਇਰ 70 ਪਟੀਸ਼ਨਾਂ ਦੀ ਬਜਾਏ ਸਿਰਫ਼ 5 ਪਟੀਸ਼ਨਾਂ ਦਾਇਰ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਸੁਣਵਾਈ ਸਿਰਫ਼ ਉਨ੍ਹਾਂ ’ਤੇ ਹੀ ਹੋਵੇਗੀ। ਉਦੋਂ ਤੱਕ ਸਰਕਾਰ ਨੂੰ ਤਿੰਨ ਹਦਾਇਤਾਂ ਦੀ ਪਾਲਣਾ ਕਰਨੀ ਪਵੇਗੀ। ਸਰਕਾਰ ਨੇ ਇਹ ਵੀ ਭਰੋਸਾ ਦਿੱਤਾ ਕਿ ਅਗਲੀ ਸੁਣਵਾਈ ਤੱਕ ‘ਉਪਭੋਗਤਾ ਵਲੋਂ ਵਕਫ਼’ ਜਾਂ ‘ਦਸਤਾਵੇਜ਼ਾਂ ਵਲੋਂ ਵਕਫ਼’ ਜਾਇਦਾਦਾਂ ਨੂੰ ਡੀਨੋਟੀਫਾਈ ਨਹੀਂ ਕੀਤਾ ਜਾਵੇਗਾ। ਚੀਫ਼ ਜਸਟਿਸ ਨੇ ਕਿਹਾ ਕਿ ਜੇਕਰ ਕੋਈ ਵਕਫ਼ ਜਾਇਦਾਦ 1995 ਦੇ ਐਕਟ ਤਹਿਤ ਰਜਿਸਟਰਡ ਹੈ, ਤਾਂ ਉਨ੍ਹਾਂ ਜਾਇਦਾਦਾਂ ਨੂੰ 5 ਮਈ ਨੂੰ ਅਗਲੀ ਸੁਣਵਾਈ ਤੱਕ ਡੀ-ਨੋਟੀਫਾਈ ਨਹੀਂ ਕੀਤਾ ਜਾ ਸਕਦਾ।