ਗੁਰਦੁਆਰਾ ਗੁਰੂ ਕੇ ਮਹਿਲ ਵਿਖੇ 350 ਸਾਲਾ ਸ਼ਤਾਬਦੀਆਂ ਦੀ ਹੋਈ ਆਰੰਭਤਾ




ਅੰਮ੍ਰਿਤਸਰ, 18 ਅਪ੍ਰੈਲ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਵੰਬਰ ਵਿਚ ਆ ਰਹੇ 350 ਸਾਲਾ ਸ਼ਹੀਦੀ ਪੁਰਬ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜਿਆਂ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਵੰਬਰ ਵਿਚ ਹੀ ਆ ਰਹੇ 350 ਸਾਲਾ ਗੁਰਿਆਈ ਦਿਵਸ ਸ਼ਤਾਬਦੀਆਂ ਦੀ ਅੱਜ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸਜਾਏ ਗੁਰਮਤਿ ਸਮਾਗਮ ਦੌਰਾਨ ਸ਼ੁਰੂਆਤ ਕੀਤੀ ਗਈ। ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ 350 ਸਾਲਾ ਸ਼ਤਾਬਦੀਆਂ ਸੰਬੰਧੀ ਸ਼੍ਰੋਮਣੀ ਕਮੇਟੀ ਵਲੋਂ ਰਖਵਾਏ ਸ੍ਰੀ ਅਖ਼ੰਡ ਪਾਠ ਸਾਹਿਬਾਂ ਦੇ ਭੋਗ ਪਾਏ ਗਏ। ਇਸ ਸਮਾਗਮ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਅਤੇ ਸੰਗਤਾਂ ਹਾਜ਼ਰ ਸਨ। ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ 350 ਸਾਲਾਂ ਸ਼ਤਾਬਦੀਆਂ ਨੂੰ ਸਮਰਪਿਤ ਵੱਖ ਵੱਖ ਥਾਵਾਂ ’ਤੇ ਵਿਸ਼ੇਸ਼ ਗੁਰਮਤਿ ਸਮਾਗਮ ਸਜਾਏ ਜਾਣਗੇ ਅਤੇ ਅਸਾਮ ਅਤੇ ਜੰਮੂ ਕਸ਼ਮੀਰ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਵੀ ਕੱਢੇ ਜਾਣਗੇ।