JALANDHAR WEATHER

ਬੇਅਦਬੀ ਮਾਮਲੇ 'ਚ ਜਥੇਦਾਰ ਗੜਗੱਜ ਵਲੋਂ ਗ੍ਰੰਥੀ ਸਮੇਤ ਸਮੁੱਚੀ ਪ੍ਰਬੰਧਕ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਤਲਬ

ਅੰਮ੍ਰਿਤਸਰ, 18 ਅਪ੍ਰੈਲ (ਜਸਵੰਤ ਸਿੰਘ ਜੱਸ) - ਹੁਸ਼ਿਆਰਪੁਰ ਜ਼ਿਲ੍ਹੇ ਦੇ ਨੂਰਪੁਰ ਜੱਟਾਂ ਪਿੰਡ ਵਿਖੇ ਕਿਸੇ ਸ਼ਰਾਰਤੀ ਅਨਸਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਅੰਗਾਂ ਨੂੰ ਖੰਡਿਤ ਕਰਨ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਅੰਦਰ ਬੇਅਦਬੀਆਂ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿਚ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਵਲੋਂ ਵਾਰ-ਵਾਰ ਅਪੀਲ ਕੀਤੇ ਜਾਣ ਦੇ ਬਾਵਜੂਦ ਗੁਰੂ ਘਰਾਂ ਅੰਦਰ ਕੈਮਰਿਆਂ ਦਾ ਸੁਚੱਜਾ ਪ੍ਰਬੰਧ ਨਾ ਕਰਨਾ ਤੇ ਹਰ ਸਮੇਂ ਪਹਿਰੇਦਾਰੀ ਯਕੀਨੀ ਨਾ ਬਣਾਉਣਾ ਇਕ ਵੱਡੀ ਅਣਗਹਿਲੀ ਹੈ, ਜਿਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਾਂਚ ਮੁਕੰਮਲ ਹੋਣ ਤੱਕ ਸੰਬੰਧਿਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਤੇ ਪ੍ਰਬੰਧਕਾਂ ਨੂੰ ਬਰਖਾਸਤ ਕਰਨ ਦੇ ਨਾਲ-ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਦੀ ਅਗਵਾਈ ਵਿਚ ਪੰਜ ਪਿਆਰੇ ਸਾਹਿਬਾਨ, ਵਧੀਕ ਮੈਨੇਜਰ ਹਰਦੇਵ ਸਿੰਘ ਅਤੇ ਸਬ-ਦਫ਼ਤਰ ਦੇ ਇੰਚਾਰਜ ਗੁਰਭਾਗ ਸਿੰਘ ਨੂੰ ਤੁਰੰਤ ਘਟਨਾ ਵਾਲੀ ਥਾਂ ਉੱਤੇ ਜਾਂਚ ਕਰਨ ਲਈ ਭੇਜਿਆ ਗਿਆ ਹੈ। ਘਟਨਾ ਸਬੰਧੀ ਪ੍ਰਾਪਤ ਮੁੱਢਲੀ ਜਾਣਕਾਰੀ ਅਨੁਸਾਰ ਇਹ ਸਾਹਮਣੇ ਆਇਆ ਹੈ ਕਿ ਸੰਬੰਧਿਤ ਗੁਰੂ ਘਰ ਵਿਖੇ ਕੈਮਰਿਆਂ ਤੇ ਪਹਿਰੇਦਾਰੀ ਦਾ ਪ੍ਰਬੰਧ ਠੀਕ ਨਹੀਂ ਸੀ, ਜਿਸ ਤੋਂ ਪ੍ਰਬੰਧਕ ਕਮੇਟੀ ਦੀ ਅਣਗਹਿਲੀ ਨਜ਼ਰ ਆਉਂਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ