ਨੌਜਵਾਨ ਦੀ ਇੰਗਲੈਂਡ ਵਿਚ ਭੇਦ ਭਰੀ ਹਾਲਾਤ ਵਿਚ ਮੌਤ

ਭਵਾਨੀਗੜ੍ਹ, (ਸੰਗਰੂਰ) 22 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਸੰਤੋਖਪੁਰਾ ਦੇ ਨੌਜਵਾਨ ਹਰਮਨਪ੍ਰੀਤ ਸਿੰਘ ਦੀ ਇੰਗਲੈਂਡ ਵਿਚ ਭੇਦ ਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਲੜਕੇ ਦੇ ਪਿਤਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਹਰਮਨਪ੍ਰੀਤ ਸਿੰਘ ਦੋ ਕੁ ਮਹੀਨੇ ਪਹਿਲਾਂ ਆਪਣੀ ਪਤਨੀ ਕੋਲ ਇੰਗਲੈਂਡ ਗਿਆ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਇੰਗਲੈਂਡ ਤੋਂ ਸੂਚਨਾ ਮਿਲੀ ਕਿ ਹਰਮਨਪ੍ਰੀਤ ਸਿੰਘ ਦੀ ਉਥੇ ਆਪਣੇ ਘਰ ਵਿਚ ਹੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਇਸ ਸੰਬੰਧੀ ਥਾਣਾ ਸਦਰ ਸੰਗਰੂਰ ਨੂੰ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ, ਜਿਸ ਸੰਬੰਧੀ ਉਨ੍ਹਾਂ ਵਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਪੁੱਤਰ ਦੀ ਮੌਤ ਬਾਰੇ ਪੂਰੀ ਜਾਣਕਾਰੀ ਮਿਲ ਸਕੇ। ਉਨ੍ਹਾਂ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਇੰਗਲੈਂਡ ਦੀ ਸਰਕਾਰ ਨਾਲ ਰਾਬਤਾ ਕਰਕੇ ਉਸ ਦੇ ਪੁੱਤਰ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇ ਅਤੇ ਉਸ ਦੀ ਮ੍ਰਿਤਕ ਦੇਹ ਪਿੰਡ ਲਿਆਉਣ ਲਈ ਸਹਿਯੋਗ ਦਿੱਤਾ ਜਾਵੇ।