ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਨੂੰ ਮਿਲ ਰਿਹੈ ਹਾਂ ਪੱਖੀ ਹੁੰਗਾਰਾ- ਸਿਹਤ ਮੰਤਰੀ

ਅੰਮ੍ਰਿਤਸਰ, 28 ਅਪ੍ਰੈਲ (ਜਸਵੰਤ ਸਿੰਘ ਜੱਸ)- ਸਿਹਤ ਵਿਭਾਗ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਜੋ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਬਣਾਈ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਵੀ ਹਨ, ਨੇ ਅੱਜ ਅੰਮ੍ਰਿਤਸਰ ਪਹੁੰਚ ਕੇ ਓਟ ਕੇਂਦਰਾਂ ਦਾ ਜਾਇਜ਼ਾ ਲਿਆ ਅਤੇ ਨਸ਼ੇ ਦੇ ਮੁੱਦੇ ਉੱਤੇ ਵਿਧਾਇਕ ਸਾਹਿਬਾਨ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਕੀਤੀ। ਇਸ ਮੌਕੇ ੳਨ੍ਹਾਂ ਨਾਲ ਕੈਬਨਿਟ ਮੰਤਰੀ ਤੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਚ ਨਸ਼ਾ ਮੁਕਤੀ ਲਈ ਸ਼ੁਰੂ ਕੀਤੀ ਮੁਹਿੰਮ ਨੂੰ ਹਾਂ ਪੱਖੀ ਹੁੰਗਾਰਾ ਮਿਲਿਆ ਹੈ ਅਤੇ ਲੋਕ ਨਸ਼ਾ ਛੱਡਣ ਲਈ ਅੱਗੇ ਆ ਰਹੇ ਹਨ, ਜਿਸ ਨੂੰ ਵੇਖਦੇ ਹੋਏ ਨਸ਼ਾ ਛਡਾਊ ਕੇਂਦਰਾਂ ਵਿਚ 5 ਹਜ਼ਾਰ ਬੈਡਾਂ ਦੀ ਸਮਰੱਥਾ ਵਿਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਮੁੱਦੇ ਉੱਤੇ ਸਾਡੀ ਪਾਰਟੀ ਦਾ ਕੋਈ ਰਾਜਸੀ ਨੇਤਾ ਤਸਕਰਾਂ ਦੀ ਸਹਾਇਤਾ ਨਹੀਂ ਕਰਦਾ ਅਤੇ ਨਸ਼ਾ ਛੁਡਾਉਣ ਲਈ ਸਰਕਾਰ ਦੀ ਨੀਤੀ ਬਿਲਕੁਲ ਸਪੱਸ਼ਟ ਹੈ ਕਿ ਜੋ ਨਸ਼ਾ ਕਰਦਾ ਹੈ ਉਸ ਦਾ ਇਲਾਜ ਕਰਵਾਵਾਂਗੇ ਅਤੇ ਜੋ ਨਸ਼ਾ ਵੇਚਦਾ ਹੈ ਉਸ ਨੂੰ ਜੇਲ੍ਹ ਵਿਚ ਸੁੱਟਾਂਗੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਅਜਿਹੇ ਦਵਾਈ ਵਿਕਰੇਤਾ, ਜੋ ਨਸ਼ੇ ਦੀਆਂ ਗੋਲੀਆਂ ਵੇਚਦੇ ਹਨ, ਵਿਰੁੱਧ ਸਖ਼ਤ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਜੋ ਨਸ਼ਾ ਛੱਡੇਗਾ, ਉਸ ਨੂੰ ਅਸੀਂ ਇਲਾਜ ਕਰਵਾਉਣ ਦੇ ਨਾਲ ਨਾਲ ਹੁਨਰ ਮੰਦ ਸਿੱਖਿਆ ਦੇਵਾਂਗੇ।