ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜਨਮ ਦਿਹਾੜੇ 'ਤੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਹੋਇਆ ਗੁਰਮਤਿ ਸਮਾਗਮ

ਸ੍ਰੀ ਅਨੰਦਪੁਰ ਸਾਹਿਬ , 28 ਅਪ੍ਰੈਲ (ਜੇ.ਐਸ. ਨਿੱਕੂਵਾਲ ਤੇ ਕਰਨੈਲ ਸਿੰਘ) - ਗੁਰਮੁਖੀ ਦੇ ਦਾਨੀ ਅਤੇ ਸੇਵਾ ਦੇ ਪੁੰਜ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜਨਮ ਦਿਹਾੜੇ ਨੂੰ ਲੈ ਕੇ ਗੁਰਦੁਆਰਾ ਸੀਸ ਗਜ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੰਵਲਜੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਜੋਤ ਸਿੰਘ ਵਲੋਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਿਆ ਗਿਆ। ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਸ਼੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੂਜੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜੀਵਨ 'ਤੇ ਚਾਨਣਾ ਪਾਇਆ। ਭਾਈ ਚਾਵਲਾ ਨੇ ਕਿਹਾ ਕਿ ਅਜੋਕੇ ਸਮੇਂ ਅੰਦਰ ਅਸੀਂ ਗੁਰਮੁਖੀ ਤੋਂ ਦੂਰ ਹੁੰਦੇ ਜਾ ਰਹੇ ਹਾਂ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਗੁਰਮੁਖੀ ਤੋਂ ਦੂਰ ਹੋਵਾਂਗੇ ਤਾਂ ਅਸੀਂ ਗੁਰਮਤਿਤੋਂ ਵੀ ਦੂਰ ਹੋ ਜਾਵਾਂਗੇ। ਇਸ ਲਈ ਨਵੀਂ ਪੀੜੀ ਨੂੰ ਗੁਰਮੁਖੀ ਨਾਲ ਜੋੜਨਾ ਸਮੇਂ ਦੀ ਲੋੜ ਹੈ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ,ਇਸਤਰੀ ਸਤਿਸੰਗ ਸਭਾ ਦੀ ਪ੍ਰਧਾਨ ਮਾਤਾ ਗੁਰਚਰਨ ਕੌਰ ,ਦਵਿੰਦਰ ਸਿੰਘ ਰਾਣਾ ,ਵੀਰ ਬਿਕਰਮਜੀਤ ਸਿੰਘ ,ਜਰਨੈਲ ਸਿੰਘ ਗੂੰਬਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਤੇ ਇਲਾਕਾ ਵਾਸੀ ਹਾਜ਼ਰ ਸਨ।