ਅੱਗ ਦੀਆਂ ਘਟਨਾਵਾਂ ਨਾਲ ਸੜੀ ਕਣਕ ਦਾ ਪੀੜਤ ਕਿਸਾਨਾਂ ਨੂੰ ਜਲਦ ਮਿਲੇਗਾ ਮੁਆਵਜ਼ਾ- ਰਾਣਾ ਗੁਰਮੀਤ ਸਿੰਘ ਸੋਢੀ

ਗੁਰੂ ਹਰ ਸਹਾਏ, (ਫਿਰੋਜ਼ਪੁਰ), 29 ਅਪ੍ਰੈਲ (ਹਰਚਰਨ ਸਿੰਘ ਸੰਧੂ)- ਪੰਜਾਬ ਅੰਦਰ ਇਸ ਸਾਲ ਕਣਕ ਦੀ ਵਾਢੀ ਦੌਰਾਨ ਖੇਤਾਂ ’ਚ ਖੜ੍ਹੀ ਕਣਕ ਨੂੰ ਅੱਗ ਲੱਗਣ ਕਾਰਨ ਸੈਂਕੜੇ ਏਕੜ ਕਣਕ ਅਤੇ ਨਾੜ ਸੜ ਕੇ ਸੁਆਹ ਹੋ ਗਿਆ ਸੀ, ਜਿਸ ਨਾਲ ਕਿਸਾਨਾਂ ਨੂੰ ਵੱਡੀ ਪੱਧਰ ’ਤੇ ਨੁਕਸਾਨ ਪੁੱਜਿਆ। ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਪਿਛਲੇ ਦਿਨੀਂ ਹਲਕਾ ਗੁਰੂ ਹਰ ਸਹਾਏ ਦੇ ਵੱਖ ਵੱਖ ਪਿੰਡਾਂ ਵਿਚ ਜਾ ਕੇ ਸੜੀ ਕਣਕ ਦਾ ਜਾਇਜ਼ਾ ਲਿਆ ਸੀ ਤੇ ਪੀੜਤ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ। ਇਸ ਸਬੰਧੀ ਅਜੀਤ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਉਨ੍ਹਾਂ ਨੇ ਜਾਇਜ਼ਾ ਲੈਣ ਉਪਰੰਤ ਡਿਪਟੀ ਕਮਿਸ਼ਨਰ ਫਿਰੋਜਪੁਰ ਨੂੰ ਕਿਸਾਨਾਂ ਦੀ ਹਾਲਤ ਬਾਰੇ ਜਾਣੂ ਕਰਵਾਇਆ ਅਤੇ ਮੈਮੋਰੰਡਮ ਦਿੱਤਾ ਗਿਆ ਸੀ। ਉਨ੍ਹਾਂ ਦਸਿਆ ਕਿ ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨਾਲ ਇਸ ਮੁੱਦੇ ’ਤੇ ਮੁਲਾਕਾਤ ਕੀਤੀ ਸੀ। ਜਿਸ ’ਤੇ ਗਵਰਨਰ ਪੰਜਾਬ ਨੇ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ ਗਰਾਂਟ ਜਾਰੀ ਕੀਤੀ ਹੈ ਜੋ ਕਿ ਪੀੜਤ ਕਿਸਾਨਾਂ ਨੂੰ ਜਲਦ ਹੀ ਪਹੁੰਚਾ ਦਿੱਤੀ ਜਾਵੇਗੀ। ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵਲੋਂ ਕੋਈ ਪ੍ਰਬੰਧ ਨਹੀਂ ਹੈ ਅਤੇ ਭਾਜਪਾ ਨੇ ਜਿਥੇ ਹਰ ਵਰਗ ਦੀ ਭਲਾਈ ਲਈ ਜ਼ਿੰਮੇਵਾਰੀ ਨਿਭਾਈ ਹੈ, ਉਥੇ ਹੁਣ ਭਾਜਪਾ ਕਿਸਾਨਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਸੰਜੀਦਾ ਹੈ।