ਹਰ ਗੱਲ ਲਈ ਕਿਸਾਨਾਂ ’ਤੇ ਨਾ ਸਾਧਿਆ ਜਾਵੇ ਨਿਸ਼ਾਨਾ- ਕਿਸਾਨ ਯੂਨੀਅਨ
ਚੰਡੀਗੜ੍ਹ, 15 ਮਈ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ’ਚ ਅੱਜ ਕਿਸਾਨ ਭਵਨ ਵਿਖੇ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਮੁੱਖ ਮੰਤਰੀ ਵਲੋਂ ਕਿਸਾਨ ਜਥੇਬੰਦੀਆਂ ਨੂੰ ਜੋ ਪਿਛਲੇ ਦਿਨਾਂ ਤੋਂ ਟਾਰਗੇਟ ਕੀਤਾ ਜਾ ਰਿਹਾ ਹੈ ,ਉਸ ਦੀ ਕੜੀ ਨਿੰਦਾ ਕੀਤੀ ਹੈ। ਕਿਸਾਨ ਆਗੂ ਨਿਰਭੈ ਸਿੰਘ ਢੁੱਡੀਕੇ, ਰਾਮਿੰਦਰ ਸਿੰਘ ਪਟਿਆਲਾ ਸਮੇਤ ਪੱਤਰਕਾਰ ਸੰਮੇਲਨ ਦੌਰਾਨ ਪੁੱਜੇ ਹੋਰ ਕਿਸਾਨ ਆਗੂਆਂ ਨੇ ਵੀ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਜੇਕਰ ਉਹ ਸਹੀ ਅਰਥਾਂ ਵਿਚ ਪੰਜਾਬ ਦੇ ਪਾਣੀਆਂ ਪ੍ਰਤੀ ਸੁਹਿਰਦ ਹਨ ਤਾਂ ਉਨ੍ਹਾਂ ਨੂੰ ਦਿੱਲੀ ਵਿਖੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਦੇ ਦਫ਼ਤਰ ਅੱਗੇ ਧਰਨਾ ਦੇਣਾ ਚਾਹੀਦਾ ਅਤੇ ਕਿਸਾਨ ਜਥੇਬੰਦੀਆਂ ਉਨ੍ਹਾਂ ਦਾ ਸਾਥ ਦੇਣ ਲਈ ਤਿਆਰ ਹਨ ਪਰੰਤੂ ਮੁੱਖ ਮੰਤਰੀ ਵਲੋਂ ਸਿਰਫ਼ ਪਾਣੀਆਂ ਦੇ ਮੁੱਦੇ ’ਤੇ ਰਾਜਨੀਤੀ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਡੈਮ ਸੇਫਟੀ ਐਕਟ ਨੂੰ ਨਕਾਰਦੇ ਹੋਏ ਪਾਣੀ ਨੂੰ ਸਟੇਟ ਸਬਜੈਕਟ ਮੰਨਦੇ ਹੋਏ ਰਿਪੇਰੀਅਨ ਤਹਿਤ ਹੀ ਪਾਣੀ ਦੇ ਮਸਲੇ ਹੱਲ ਕੀਤੇ ਜਾਣ ਦੀ ਲੋੜ ਹੈ, ਜਿਸ ਲਈ ਮੁੱਖ ਮੰਤਰੀ ਨੂੰ ਇਸ ’ਤੇ ਗੱਲ ਕਰਨੀ ਚਾਹੀਦੀ ਹੈ ਨਾ ਕਿ ਕਿਸਾਨਾਂ ’ਤੇ ਹਰ ਗੱਲ ਨੂੰ ਲੈ ਕੇ ਨਿਸ਼ਾਨਾ ਸਾਧਣਾ ਚਾਹੀਦਾ ਹੈ। ਆਗੂਆਂ ਨੇ ਕਿਹਾ ਕਿ ਕਿਸਾਨਾਂ ਪ੍ਰਤੀ ਮੁੱਖ ਮੰਤਰੀ ਵਲੋਂ ਵਰਤੀ ਸ਼ਬਦਾਵਲੀ ’ਤੇ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ।