ਫਾਇਨਾਂਸਰ 'ਤੇ ਗੋਲੀ ਚਲਾਉਣ ਵਾਲੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀ ਹੋਈ ਪਛਾਣ - ਐਸ.ਐਸ.ਪੀ. ਪਠਾਨਕੋਟ

ਪਠਾਨਕੋਟ, 17 ਮਈ (ਸੰਧੂ/ਆਸ਼ੀਸ਼ ਸ਼ਰਮਾ)-ਅੱਜ ਸਵੇਰੇ ਪਠਾਨਕੋਟ ਦੇ ਚੱਕੀ ਪੁਲ ਨੇੜੇ ਫਲਾਈਓਵਰ 'ਤੇ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਵਲੋਂ ਇਕ ਫਾਇਨਾਂਸਰ 'ਤੇ ਗੋਲੀਬਾਰੀ ਕਰਨ ਦੇ ਮਾਮਲੇ ਵਿਚ, ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਹਮਲਾਵਰਾਂ ਦੀ ਪਛਾਣ ਕਰ ਲਈ ਹੈ । ਦੇਰ ਸ਼ਾਮ ਇਸ ਸਬੰਧ ਵਿਚ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਜ਼ਿਲ੍ਹਾ ਪੁਲਿਸ ਦੀਆਂ 10 ਟੀਮਾਂ ਕੰਮ ਕਰ ਰਹੀਆਂ ਹਨ, ਜਿਸ ਵਿਚ ਤਕਨੀਕੀ ਟੀਮਾਂ ਵੀ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਹਮਲਾਵਰ ਪਿਛਲੇ ਤਿੰਨ ਦਿਨਾਂ ਤੋਂ ਫਾਇਨਾਂਸਰ ਮਯੰਕ ਮਹਾਜਨ ਦੀ ਰੇਕੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਹਮਲੇ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਗੋਲੀਆਂ ਚਲਾਉਣ ਵਾਲੇ ਮੋਟਰਸਾਈਕਲ ਸਵਾਰ ਹਮਲਾਵਰ ਕਾਲੇ ਰੰਗ ਦੇ ਮੋਟਰਸਾਈਕਲ 'ਤੇ ਆਏ ਸਨ ਅਤੇ ਹਮਲਾਵਰਾਂ ਦੀ ਪਛਾਣ ਸੰਜੀਵ ਕੁਮਾਰ ਉਰਫ ਬੰਟੀ ਉਰਫ ਫੌਜੀ ਨਿਵਾਸੀ ਭਟੋਆਂ ਥਾਣਾ ਦੀਨਾਨਗਰ ਜ਼ਿਲ੍ਹਾ ਗੁਰਦਾਸਪੁਰ ਅਤੇ ਜਤਿੰਦਰ ਕੁਮਾਰ ਉਰਫ ਨੱਟੂ ਪੁੱਤਰ ਕਰਤਾਰ ਸਿੰਘ ਨਿਵਾਸੀ ਬਨੀ ਲੋਧੀ ਸੁੰਦਰ ਚੱਕ ਥਾਣਾ ਸੁਜਾਨਪੁਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਥਾਣਾ ਡਵੀਜ਼ਨ ਨੰਬਰ 2 ਪਠਾਨਕੋਟ ਵਿਖੇ ਦੋਵਾਂ ਹਮਲਾਵਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਮਲੇ ਦੇ ਪਿੱਛੇ ਮੁੱਖ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ ਅਤੇ ਹਮਲਾਵਰਾਂ ਨੂੰ ਦਿਸ਼ਾ-ਨਿਰਦੇਸ਼ ਦੇਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦੋਂਕਿ ਹਮਲਾਵਰ ਅਜੇ ਵੀ ਫਰਾਰ ਹੈ। ਇਸ ਮਾਮਲੇ ਦੇ ਮਾਸਟਰਮਾਈਂਡ ਦਾ ਪੁਲਿਸ ਵਲੋਂ ਅਜੇ ਤੱਕ ਖੁਲਾਸਾ ਨਹੀਂ ਕੀਤਾ ਗਿਆ ਤੇ ਮਾਮਲੇ ਦੀ ਜਾਂਚ ਤੋਂ ਬਾਅਦ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।