ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਿਆ ਜਾਵੇ- ਮੰਤਰੀ ਧਾਲੀਵਾਲ

ਅਜਨਾਲਾ, 17 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਹਲਕੇ ਦੇ ਪਿੰਡਾਂ ਵਿਚ ਨਸ਼ਾ-ਮੁਕਤੀ ਯਾਤਰਾ ਦੀ ਅਗਵਾਈ ਕਰ ਰਹੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਤੋਂ ਇਹ ਮੰਗ ਵੀ ਕੀਤੀ ਕਿ ਭਾਰਤ-ਪਾਕਿਸਤਾਨ ਦਰਮਿਆਨ ਪੈਦਾ ਹੋਏ ਤਣਾਅ ਕਾਰਨ ਬੰਦ ਕੀਤਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਨਾਨਕ ਨਾਮ ਲੇਵਾ ਸਿੱਖ ਇਸ ਲਾਂਘੇ ਤੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਪਵਿੱਤਰ ਧਰਤੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਂਦੇ ਹਨ ਪਰ ਮਾਹੌਲ ਵਿਚ ਤਲਖੀ ਆਉਣ ਕਾਰਨ ਇਹ ਲਾਂਘਾ ਬੰਦ ਕਰ ਦਿੱਤਾ ਗਿਆ ਸੀ, ਸੋ ਹੁਣ ਦੋਵਾਂ ਦੇਸ਼ਾਂ ਦਰਮਿਆਨ ਮਾਹੌਲ ਠੀਕ ਹੋਣ ਮਗਰੋਂ ਇਹ ਲਾਂਘਾ ਤੁਰੰਤ ਖੋਲ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਵਾਹਗਾ ਸਰਹੱਦ ਨੂੰ ਵਪਾਰ ਲਈ ਖੋਲ੍ਹਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੁਲਵਾਮਾ ਹਮਲੇ ਤੋਂ ਪਹਿਲਾਂ ਇਸ ਸਰਹੱਦ ਰਸਤੇ ਦੱਖਣੀ ਏਸ਼ੀਆ ਦੇ ਦੇਸ਼ਾਂ ਨਾਲ ਭਾਰਤ ਦਾ ਵਪਾਰ ਚਲਦਾ ਸੀ ਪਰ ਉਸ ਤੋਂ ਬਾਅਦ ਇਹ ਬੰਦ ਕਰ ਦਿੱਤਾ ਗਿਆ, ਜਿਸ ਕਾਰਨ ਇਸ ਇਲਾਕੇ ਨੂੰ ਵੱਡੀ ਆਰਥਿਕ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਜੇਕਰ ਵਾਹਗਾ ਸਰਹੱਦ ਵਪਾਰ ਲਈ ਖੁੱਲ੍ਹਦੀ ਹੈ ਤਾਂ ਇਸ ਦਾ ਕੇਵਲ ਪੰਜਾਬ ਹੀ ਨਹੀਂ ਸਮੁੱਚੇ ਉੱਤਰੀ ਭਾਰਤ ਨੂੰ ਵੱਡਾ ਫਾਇਦਾ ਹੋਵੇਗਾ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਦੋਵਾਂ ਦੇਸ਼ਾਂ ਦੇ ਆਪਸੀ ਸਬੰਧਾਂ ਉੱਤੇ ਨਜ਼ਰਸਾਨੀ ਕਰਦੇ ਹੋਏ ਇਸ ਲਾਂਘੇ ਨੂੰ ਖੋਲ੍ਹਣ ਦੀ ਕੋਸ਼ਿਸ਼ ਕੀਤੀ ਜਾਵੇ ਤਾਂ ਜੋ ਇਸ ਖਿੱਤੇ ਵਿਚ ਮੁੜ ਰੋਜ਼ਗਾਰ ਤੇ ਵਪਾਰ ਦੇ ਮੌਕੇ ਪੈਦਾ ਹੋ ਸਕਣ।