ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੂੰ ਮਿਲੀ ਧਮਕੀ ’ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

ਚੰਡੀਗੜ੍ਹ, 19 ਮਈ (ਸੰਦੀਪ ਕੁਮਾਰ ਮਾਹਨਾ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੂੰ ਮਿਲੀ ਕਥਿਤ ਜਾਨੋਂ ਮਾਰਨ ਦੀ ਧਮਕੀ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਮਾਮਲੇ ਨੂੰ ‘ਗੰਭੀਰ’ ਕਰਾਰ ਦਿੱਤਾ ਅਤੇ ਸਵਾਲ ਉਠਾਏ ਕਿ ਇਕ ਸਰਕਾਰੀ ਅਧਿਕਾਰੀ ਅਜਿਹੀਆਂ ਧਮਕੀਆਂ ਕਿਵੇਂ ਦੇ ਸਕਦਾ ਹੈ। ਦਰਅਸਲ, ਅਰਸ਼ਦੀਪ ਸਿੰਘ ਕਲੇਰ ਨੇ ਆਪਣੀ ਪਟੀਸ਼ਨ ਵਿਚ ਦੋਸ਼ ਲਗਾਇਆ ਹੈ ਕਿ ਪੰਜਾਬ ਮੰਡੀ ਬੋਰਡ ਦੇ ਮੁੱਖ ਇੰਜੀਨੀਅਰ ਜਤਿੰਦਰ ਭੰਗੂ ਨੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਕਲੇਰ ਦਾ ਕਹਿਣਾ ਹੈ ਕਿ ਉਨ੍ਹਾਂ ਇਸ ਸੰਬੰਧ ਵਿਚ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ, ਪਰ ਹੁਣ ਤੱਕ ਐਫ.ਆਈ.ਆਰ. ਵੀ ਦਰਜ ਨਹੀਂ ਕੀਤੀ ਗਈ ਹੈ। ਉਨ੍ਹਾਂ ਨੇ ਖਦਸ਼ਾ ਪ੍ਰਗਟ ਕੀਤਾ ਹੈ ਕਿ ਸਰਕਾਰ ਖੁਦ ਇਸ ਮਾਮਲੇ ਵਿਚ ਸ਼ਾਮਿਲ ਹੈ ਜਾਂ ਇਹ ਸਭ ਉਸ ਦੀ ਸੁਰੱਖਿਆ ਹੇਠ ਹੋ ਰਿਹਾ ਹੈ। ਪਟੀਸ਼ਨ ਵਿਚ ਮੰਗ ਕੀਤੀ ਗਈ ਕਿ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਦੀ ਬਜਾਏ ਸੀ.ਬੀ.ਆਈ. ਜਾਂ ਕਿਸੇ ਹੋਰ ਨਿਰਪੱਖ ਏਜੰਸੀ ਤੋਂ ਕਰਵਾਈ ਜਾਵੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।