ਦੇਸ਼ ਵਿਦੇਸ਼ ਵਿਚ ਸ਼ਰਧਾ, ਸਤਿਕਾਰ ਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ ਪੰਜਵੇਂ ਪਾਤਿਸ਼ਾਹ ਦਾ 419ਵਾਂ ਸ਼ਹੀਦੀ ਪੁਰਬ

ਅੰਮ੍ਰਿਤਸਰ, 30 ਮਈ (ਜਸਵੰਤ ਸਿੰਘ ਜੱਸ)- ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ 419ਵਾਂ ਸ਼ਹੀਦੀ ਪੁਰਬ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੇਤ ਦੇਸ਼ ਵਿਦੇਸ਼ ਵਿਚ ਵੱਖ ਵੱਖ ਥਾਵਾਂ ’ਤੇ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਅੱਜ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਗੁਰਮਤਿ ਸਮਾਗਮ ਸਜਾਏ ਜਾ ਰਹੇ ਹਨ ਅਤੇ ਥਾਂ ਥਾਂ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਵੱਖ ਵੱਖ ਪਦਾਰਥਾਂ ਦੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾ ਰਹੇ ਹਨ। ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਸਥਿਤ ਛਬੀਲਾਂ ’ਤੇ ਵੀ ਅੱਜ ਅੰਮ੍ਰਿਤ ਵੇਲੇ ਤੋਂ ਹੀ ਮਿੱਠੇ ਤੇ ਠੰਡੇ ਜਲ ਵਰਤਾਏ ਜਾ ਰਹੇ ਹਨ। ਪੰਜਵੇਂ ਪਾਤਸ਼ਾਹ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਅੱਜ ਸ਼ਾਮ ਤੱਕ ਭਾਰੀ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਹੋ ਰਹੀਆਂ ਹਨ। ਇੱਥੇ ਜ਼ਿਕਰਯੋਗ ਹੈ ਕਿ ਇਸ ਵਾਰ ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਓ ਦੇ ਚਲਦਿਆਂ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜੱਥਾ ਗੁਰੂ ਸਾਹਿਬ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਸ਼ਹੀਦੀ ਪੁਰਬ ਮਨਾਉਣ ਲਈ ਪਾਕਿਸਤਾਨ ਨਹੀਂ ਜਾ ਸਕਿਆ।