ਵਿਕਰਮਜੀਤ ਚੌਧਰੀ ਦੀ ਕਾਂਗਰਸ ’ਚ ਹੋਵੇਗੀ ਵਾਪਸੀ- ਸੂਤਰ

ਚੰਡੀਗੜ੍ਹ, 2 ਜੂਨ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਕਰਮਜੀਤ ਸਿੰਘ ਚੌਧਰੀ ਨੂੰ ਅੱਜ ਮੁੜ ਕਾਂਗਰਸ ਵਿਚ ਬਹਾਲ ਕੀਤਾ ਜਾ ਸਕਦਾ ਹੈ। ਜਾਣਕਾਰੀ ਅਨੁਸਾਰ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਉਨ੍ਹਾਂ ਨੂੰ ਮੁੜ ਪਾਰਟੀ ਵਿਚ ਸ਼ਾਮਿਲ ਕਰਵਾਉਣਗੇ। ਉਨ੍ਹਾਂ ਦੀ ਸਸਪੈਂਸ਼ਨ ਰੱਦ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਵਿਕਰਮਜੀਤ ਚੌਧਰੀ ਫਿਲੌਰ ਤੋਂ ਕਾਂਗਰਸੀ ਵਿਧਾਇਕ ਹਨ ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਉਨ੍ਹਾਂ ਨੂੰ ਪਾਰਟੀ ’ਚੋਂ ਸਸਪੈਂਡ ਕਰ ਦਿੱਤਾ ਗਿਆ ਸੀ। ਉਨ੍ਹਾਂ ਨੇ 2024 ਦੀਆਂ ਚੋਣਾਂ ਵਿਚ ਚਰਨਜੀਤ ਸਿੰਘ ਚੰਨੀ ਦਾ ਵਿਰੋਧ ਕੀਤਾ ਸੀ। ਵਿਕਰਮਜੀਤ ਸਿੰਘ ਚੌਧਰੀ ਨੇ ਇਕ ਚੈਨਲ ਨਾਲ ਗੱਲਬਾਤ ਕਰਦੇ ਹੋਏ ਇਹ ਵੀ ਮੰਨਿਆ ਕਿ ਉਨ੍ਹਾਂ ਨੂੰ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਦਾ ਫੋਨ ਆਇਆ ਹੈ। ਇਸ ਲਈ ਅੱਜ ਉਹ ਦਾਖਾ ਵਿਚ ਕਾਂਗਰਸ ਪਾਰਟੀ ਦੇ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਜਾ ਰਹੇ ਹਨ।