ਫਗਵਾੜਾ ਹਾਈਵੇਅ 'ਤੇ ਕਾਰ ਤੇ ਬਾਈਕ ਦੀ ਟੱਕਰ 'ਚ 2 ਦੀ ਮੌਤ

ਫਗਵਾੜਾ, 3 ਜੂਨ (ਹਰਜੋਤ ਸਿੰਘ ਚਾਨਾ)-ਫਗਵਾੜਾ ਹਾਈਵੇਅ 'ਤੇ ਇਕ ਕਾਰ ਅਤੇ ਬਾਈਕ ਵਿਚਕਾਰ ਭਿਆਨਕ ਟੱਕਰ ਹੋ ਗਈ। ਜਾਣਕਾਰੀ ਅਨੁਸਾਰ, ਇਹ ਹਾਦਸਾ ਪਿੰਡ ਖਗੁਦੇਨ ਨੇੜੇ ਇਕ ਕੱਟ 'ਤੇ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਬਾਈਕ ਸਵਾਰ 2 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਵਿਚ ਕਾਰ ਅਤੇ ਬਾਈਕ ਬੁਰੀ ਤਰ੍ਹਾਂ ਨੁਕਸਾਨੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਮੌਕੇ 'ਤੇ ਪਹੁੰਚ ਗਈ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀ ਕਾਰ ਸਵਾਰਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਹਸਪਤਾਲ ਦੇ ਮੁਰਦਾਘਰ ਵਿਚ ਰੱਖਿਆ ਗਿਆ ਹੈ ਅਤੇ ਪੁਲਿਸ ਨੂੰ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਖਗੁਦੇਨ ਨੇੜੇ ਇਕ ਸੜਕ ਹਾਦਸੇ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਪਤਾ ਲੱਗਾ ਕਿ ਇਕ ਕਾਰ ਅਤੇ ਬਾਈਕ ਵਿਚਕਾਰ ਭਿਆਨਕ ਸੜਕ ਹਾਦਸਾ ਹੋਇਆ ਹੈ। ਇਸ ਘਟਨਾ ਵਿਚ ਬਾਈਕ ਸਵਾਰ 2 ਲੋਕਾਂ ਦੀ ਮੌਤ ਹੋ ਗਈ।