ਸਪੋਰਟਸ ਫੈਕਟਰੀ ’ਚ ਲੱਗੀ ਅੱਗ

ਜਲੰਧਰ, 21 ਜੂਨ- ਜਲੰਧਰ ਦੇ ਪੱਛਮੀ ਹਲਕੇ ਦੇ ਦਾਨਿਸ਼ਮੰਦਾ ਵਿਚ ਸਥਿਤ ਇਕ ਸਪੋਰਟਸ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਅੱਗ ਨੇ ਕੁਝ ਹੀ ਸਮੇਂ ਵਿਚ ਭਿਆਨਕ ਰੂਪ ਧਾਰਨ ਕਰ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਫੈਕਟਰੀ ਭਾਜਪਾ ਨੇਤਾ ਦੇ ਦਫ਼ਤਰ ਦੇ ਨੇੜੇ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਲੋਕਾਂ ਨੇ ਫਾਇਰ ਵਿਭਾਗ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਮੌਕੇ ’ਤੇ ਫਾਇਰ ਵਿਭਾਗ ਦੀ ਟੀਮ ਵਲੋਂ ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਅੱਗ ’ਤੇ ਕਾਬੂ ਪਾਉਣ ਲਈ 50 ਗੱਡੀਆਂ ਵਲੋਂ ਕਾਫ਼ੀ ਮਿਹਨਤ ਤੋਂ ਬਾਅਦ ਹੁਣ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ। ਫਾਇਰ ਵਿਭਾਗ ਦੇ ਕਰਮਚਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਸਵੇਰੇ 6.45 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ। ਉਨ੍ਹਾਂ ਕਿਹਾ ਕਿ ਅੱਗ ਕਾਰਨ ਫੈਕਟਰੀ ਨੂੰ ਬਹੁਤ ਨੁਕਸਾਨ ਹੋਇਆ ਹੈ। ਹਾਲਾਂਕਿ, ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।