ਵਿਧਾਇਕ ਸਵਨਾ ਹੜ੍ਹ ਪੀੜਤਾਂ ਨੂੰ ਮਿਲਣ ਪੁੱਜੇ, ਪਸ਼ੂਆਂ ਲਈ ਰਾਹਤ ਸਮੱਗਰੀ ਵੀ ਭੇਜੀ

ਫ਼ਾਜ਼ਿਲਕਾ, 25 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਕੌਮਾਂਤਰੀ ਸਰਹੱਦ ਨੇੜੇ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਆਪਣੇ ਸਾਥੀਆਂ ਨਾਲ ਕਿਸ਼ਤੀ ਵਿਚ ਸਵਾਰ ਹੋ ਕੇ ਲੋਕਾਂ ਦਾ ਹਾਲ-ਚਾਲ ਪੁੱਛਣ ਅਤੇ ਪਸ਼ੂਆਂ ਨੂੰ ਚਾਰਾ ਵੰਡਣ ਲਈ ਆਏ। ਇਸ ਤੋਂ ਪਹਿਲਾਂ ਉਨ੍ਹਾਂ ਰੇਤੇ ਵਾਲੀ ਭੈਣੀ ਤੇ ਝੰਗੜ ਭੈਣੀ ਵੀ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਜਿਥੇ ਉਨ੍ਹਾਂ ਲੋਕਾਂ ਨੂੰ ਕਿਹਾ ਕਿ ਇਸ ਮੁਸ਼ਕਿਲ ਦੀ ਘੜੀ ਵਿਚ ਉਹ ਲੋਕਾਂ ਨਾਲ ਖੜ੍ਹੇ ਹਨ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਵੀਰਪਾਲ ਕੌਰ ਵੀ ਮੌਜੂਦ ਸਨ।
ਇਸ ਦੌਰਾਨ ਵਿਧਾਇਕ ਸਵਨਾ ਨੇ ਦੱਸਿਆ ਕਿ ਪਾਣੀ ਦਾ ਪੱਧਰ ਵਧਣ ਕਾਰਨ ਢਾਣੀ ਸੱਦਾ ਸਿੰਘ ਦਾ ਸੜਕੀ ਸੰਪਰਕ ਟੁੱਟ ਗਿਆ ਹੈ, ਜਿਸ ਕਾਰਨ ਉਹ ਖੁਦ ਕਿਸ਼ਤੀ ’ਤੇ ਸਵਾਰ ਹੋ ਕੇ ਲੋਕਾਂ ਦਾ ਹਾਲ-ਚਾਲ ਜਾਣਨ ਆਏ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਰਾਸ਼ਨ ਤੇ ਪਸ਼ੂਆਂ ਲਈ ਫੀਡ ਖੁਦ ਵੰਡੀ, ਜਿਸ ’ਤੇ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਉਹ ਘਬਰਾਉਣ ਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਹੜ੍ਹ ਪ੍ਰਭਾਵਿਤ ਖੇਤਰਾਂ ਉਤੇ ਨਿਗਰਾਨੀ ਰੱਖ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਕੁਦਰਤੀ ਆਫਤ ਵਿਚ ਲੋਕਾਂ ਦੇ ਨਾਲ ਹੈ ਤੇ ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ, ਵਿਭਾਗੀ ਅਮਲਾ ਸਭ ਸਾਡੇ ਲਈ ਹਾਜ਼ਰ ਹੈ। ਹਰ ਤਰ੍ਹਾਂ ਦੀ ਡਾਕਟਰੀ ਸਹਾਇਤਾ ਪਿੰਡ ਵਾਸੀਆਂ ਨੂੰ ਦਿੱਤੀ ਜਾਵੇਗੀ। ਪਿੰਡ ਝੰਗੜ ਭੈਣੀ ਅਤੇ ਰੇਤੇ ਵਾਲੀ ਭੈਣੀ ਵਿਚ ਉਨ੍ਹਾਂ ਪਿੰਡ ਵਿਚ ਪਾਣੀ ਦੇ ਵਧੇ ਪੱਧਰ ਦੇ ਹਾਲਾਤ ਦਾ ਜਾਇਜ਼ਾ ਲਿਆ ਤੇ ਇਸ ਦੌਰਾਨ ਉਨ੍ਹਾਂ ਫੋਨ ਉਤੇ ਮੰਡੀ ਬੋਰਡ ਦੇ ਅਧਿਕਾਰੀ ਨੂੰ ਪਿੰਡ ਦੇ ਸੰਪਰਕ ਨੂੰ ਜੋੜਨ ਵਾਲੀ ਸੜਕ ਨੂੰ ਮਜ਼ਬੂਤ ਕਰਨ ਲਈ ਕਿਹਾ। ਉਨ੍ਹਾਂ ਪਿੰਡ ਵਾਸੀਆਂ ਦੇ ਪੀਣ ਵਾਲੇ ਪਾਣੀ ਤੇ ਹੋਰ ਸਮੱਸਿਆਵਾਂ ਨੂੰ ਵੀ ਜਾਣਿਆ ਤੇ ਸਮੱਸਿਆ ਦੇ ਹੱਲ ਲਈ ਸਬੰਧਿਤ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੈ ਤਾਂ ਉਹ ਬੇਝਿੱਜਕ ਹੋ ਕੇ ਉਨ੍ਹਾਂ ਨੂੰ ਦੱਸਣ, ਪਿੰਡ ਵਾਸੀਆਂ ਦੀ ਹਰ ਮਦਦ ਕੀਤੀ ਜਾਵੇਗੀ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਕੁਦਰਤੀ ਕਰੋਪੀ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਉਣ। ਇਸ ਮੌਕੇ ਤਹਿਸੀਲਦਾਰ ਜਸਪ੍ਰੀਤ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਪਰਮਜੀਤ ਸਿੰਘ ਨੂਰਸ਼ਾਹ, ਬਲਾਕ ਪ੍ਰਧਾਨ ਸੁਰਿੰਦਰ ਕੰਬੋਜ ਤੇ ਸਰਪੰਚ ਸੁਭਾਸ਼ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।