ਹੜ੍ਹਾਂ ਦੇ ਮੱਦੇਨਜ਼ਰ ਦਰਿਆ ਨਾਲ ਲੱਗਦੇ 20 ਪਿੰਡਾਂ 'ਚ 2 ਦਿਨ ਸਕੂਲ ਰਹਿਣਗੇ ਬੰਦ

ਫ਼ਾਜ਼ਿਲਕਾ, 25 ਅਗਸਤ (ਦਵਿੰਦਰ ਪਾਲ ਸਿੰਘ)-ਸਤਲੁਜ ਦਰਿਆ ਵਿਚ ਆਏ ਹੜ੍ਹਾਂ ਦੇ ਮੱਦੇਨਜ਼ਰ ਸਰਹੱਦ ਨਾਲ ਲੱਗਦੇ ਪਿੰਡਾਂ ਜੋ ਕਿ ਪਾਣੀ ਨਾਲ ਪ੍ਰਭਾਵਿਤ ਹੋਏ ਹਨ, ਦੇ ਸਰਕਾਰੀ ਅਤੇ ਪ੍ਰਾਇਮਰੀ ਸਕੂਲਾਂ ਵਿਚ ਡੀ.ਸੀ. ਫ਼ਾਜ਼ਿਲਕਾ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਬੱਚਿਆਂ ਦੀ ਸੁਰੱਖਿਆ ਅਤੇ ਹੜ੍ਹਾਂ ਦੀ ਸਥਿਤੀ ਨੂੰ ਧਿਆਨ ’ਚ ਰੱਖਦਿਆਂ ਮੁਹਾਰ ਜਮਸ਼ੇਰ, ਤੇਜਾ ਰੁਹੇਲਾ, ਚੱਕ ਰੁਹੇਲਾ, ਦੋਨਾ ਨਾਨਕਾ, ਢਾਣੀ ਲਾਭ ਸਿੰਘ, ਮਹਾਤਮ ਨਗਰ, ਰਾਮ ਸਿੰਘ ਭੈਣੀ, ਝੰਗੜ ਭੈਣੀ, ਗੱਟੀ ਨੰਬਰ 1, ਗੁਲਾਬਾ ਭੈਣੀ, ਢਾਣੀ ਸੱਦਾ ਸਿੰਘ, ਗੁੱਦੜ ਭੈਣੀ, ਘੁਰਕਾਂ, ਢਾਣੀ ਮੋਹਨਾ ਰਾਮ, ਵੱਲੇ ਸ਼ਾਹ ਉਤਾੜ ਦੀਆਂ ਢਾਣੀਆਂ, ਮੁਹਾਰ ਖੀਵਾ, ਮੁਹਾਰ ਸੋਨਾ, ਮੁਹਾਰ ਖੀਵਾ ਭਵਾਨੀ, ਰੇਤੇ ਵਾਲੀ ਢਾਣੀ ਦੇ ਪਿੰਡਾਂ ਦੇ ਸਾਰੇ ਸਕੂਲ ਦੋ ਦਿਨ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਉਕਤ 20 ਪਿੰਡਾਂ ਅੰਦਰ ਪਾਣੀ ਭਾਰੀ ਮਾਤਰਾ ਵਿਚ ਆਉਣ ਕਾਰਨ ਸਥਿਤੀ ਦੇ ਮੱਦੇਨਜ਼ਰ ਉਕਤ ਪਿੰਡਾਂ ’ਚ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਕੋਈ ਮਾੜੀ ਘਟਨਾ ਨਾ ਵਾਪਰ ਸਕੇ। ਉਨ੍ਹਾਂ ਕਿਹਾ ਕਿ ਦਰਿਆਵਾਂ, ਨਹਿਰਾਂ ਦੇ ਪੁਲ ਟੁੱਟ ਜਾਣ ਦੀ ਸੰਭਾਵਨਾ ਹੋਵੇ ਤਾਂ ਇਸ ਸਬੰਧੀ ਸੂਚਨਾ ਪੁਲਿਸ ਸਟੇਸ਼ਨ ਜਾਂ ਐੱਸ.ਡੀ.ਐਮ. ਫ਼ਾਜ਼ਿਲਕਾ ਨੂੰ ਦਿੱਤੀ ਜਾਵੇ।