ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਬਿਕਰਮ ਸਿੰਘ ਮਜੀਠੀਆ ਨਾਲ ਕੀਤੀ ਮੁਲਾਕਾਤ

ਨਾਭਾ, 26 ਅਗਸਤ (ਜਗਨਾਰ ਸਿੰਘ ਦੁਲੱਦੀ)-ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਅੱਜ ਬਾਅਦ ਦੁਪਹਿਰ ਉਨ੍ਹਾਂ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਮੁਲਾਕਾਤ ਕਰਨ ਲਈ ਪਹੁੰਚੇ। ਮੁਲਾਕਾਤ ਕਰਨ ਉਪਰੰਤ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜੇਲ੍ਹ ਵਿਚ ਬਿਕਰਮ ਸਿੰਘ ਮਜੀਠੀਆ ਚੜ੍ਹਦੀ ਕਲਾ ਵਿਚ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਦਲਾ ਲਊ ਨੀਤੀ ਉਤੇ ਉਤਰ ਆਈ ਹੈ, ਜਿਸ ਕਰਕੇ ਸੂਬੇ ਦੀ ਸਰਕਾਰ ਵਲੋਂ ਹਰ ਉਹ ਹੱਥਕੰਡਾ ਵਰਤਿਆ ਜਾ ਰਿਹਾ ਹੈ, ਜਿਸ ਨਾਲ ਸੀਨੀਅਰ ਅਕਾਲੀ ਆਗੂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ ਵਿਚ ਹੀ ਬੰਦ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਦੋਵੇਂ ਘਿਉ-ਖਿੱਚੜੀ ਹਨ। ਇਸ ਕਰਕੇ ਆਮ ਆਦਮੀ ਪਾਰਟੀ ਵਲੋਂ ਸਿਰਫ ਅਕਾਲੀਆਂ ਨੂੰ ਹੀ ਨਿਸ਼ਾਨੇ ਉਤੇ ਲਿਆ ਜਾ ਰਿਹਾ ਹੈ ਜਦੋਂਕਿ ਕਾਂਗਰਸ ਪ੍ਰਤੀ ਇਕ ਵੀ ਲਫਜ਼ ਨਹੀਂ ਵਰਤਿਆ ਜਾ ਰਿਹਾ। ਵਕੀਲ ਕਲੇਰ ਨੇ ਕਿਹਾ ਕਿ ਜਿਥੇ ਪੰਜਾਬ ਸਰਕਾਰ ਵਲੋਂ ਆਪਣੇ ਮੰਤਰੀਆਂ ਨੂੰ ਕਲੀਨ ਚਿੱਟਾਂ ਦਿੱਤੀਆਂ ਜਾ ਰਹੀਆਂ ਹਨ, ਉਥੇ ਕਾਂਗਰਸ ਦੇ ਸਾਬਕਾ ਮੰਤਰੀਆਂ ਦੀ ਜਾਂਚ ਵੀ ਢਿੱਲੀ ਛੱਡ ਦਿੱਤੀ ਗਈ ਹੈ ਕਿਉਂਕਿ ਇਹ ਦੋਵੇਂ ਪਾਰਟੀਆਂ ਆਪਸ ਵਿਚ ਰਲੀਆਂ ਹੋਈਆਂ ਹਨ। ਮੁੱਖ ਮੰਤਰੀ ਉਤੇ ਸ਼ਬਦੀ ਹਮਲਾ ਕਰਦਿਆਂ ਵਕੀਲ ਕਲੇਰ ਨੇ ਕਿਹਾ ਕਿ ਪੰਜਾਬ ਹੜ੍ਹਾਂ ਦੇ ਪਾਣੀ ਵਿਚ ਡੁੱਬ ਰਿਹਾ ਹੈ ਤੇ ਮੁੱਖ ਮੰਤਰੀ ਜਹਾਜ਼ਾਂ ਦੇ ਝੂਟੇ ਲੈ ਕੇ ਤਾਮਿਲਨਾਡੂ ਵਿਚ ਘੁੰਮ ਰਹੇ ਹਨ।