ਸਰਕਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸੰਬੰਧਿਤ ਮਾਮਲੇ ’ਚ ਦਖ਼ਲਅੰਦਾਜ਼ੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ - ਐਡਵੋਕੇਟ ਧਾਮੀ
ਅੰਮ੍ਰਿਤਸਰ, 22 ਦਸੰਬਰ (ਜਸਵੰਤ ਸਿੰਘ ਜੱਸ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸੰਬੰਧਿਤ ਮਾਮਲੇ ਵਿਚ ਪੰਜਾਬ ਸਰਕਾਰ ਵਲੋਂ ਸਿੱਟ (ਐਸਆਈਟੀ) ਦੀ ਘੋਸ਼ਣਾ ਕਰਨ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਰਕਾਰਾਂ ਵਲੋਂ ਧਰਮ ਅਤੇ ਧਾਰਮਿਕ ਸੰਸਥਾਵਾਂ ਦੇ ਅੰਦਰੂਨੀ ਪ੍ਰਬੰਧਕੀ ਮਾਮਲਿਆਂ ਵਿਚ ਦਖ਼ਲ ਦੇਣਾ ਨਾਂ ਸਿਰਫ਼ ਗੈਰ-ਜ਼ਰੂਰੀ ਹੈ, ਸਗੋਂ ਸਿੱਖ ਰਵਾਇਤਾਂ ਦੇ ਖ਼ਿਲਾਫ਼ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਸਿੱਧੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਮਾਮਲਿਆਂ ਨੂੰ ਸਿਆਸੀ ਲਾਹੇ ਲਈ ਉਛਾਲਣਾ ਕਿਸੇ ਵੀ ਤਰ੍ਹਾਂ ਕਬੂਲਯੋਗ ਨਹੀਂ।
ਐਡਵੋਕੇਟ ਧਾਮੀ ਨੇ ਸਪੱਸ਼ਟ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸੰਬੰਧਿਤ ਇਸ ਮਾਮਲੇ ’ਤੇ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਂਚ ਕਮੇਟੀ ਗਠਿਤ ਕੀਤੀ ਗਈ ਸੀ, ਜਿਸ ਨੇ ਪੂਰੀ ਗੰਭੀਰਤਾ ਅਤੇ ਜ਼ਿੰਮੇਵਾਰੀ ਨਾਲ ਪੜਤਾਲ ਕੀਤੀ। ਇਸ ਪੜਤਾਲ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਦੋਸ਼ੀ ਕਰਮਚਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਚੁੱਕੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਮਾਮਲੇ ਵਿਚ ਕਿਸੇ ਨਾਲ ਵੀ ਰਿਆਇਤ ਨਹੀਂ ਵਰਤੀ ਗਈ ਅਤੇ ਜਾਂਚ ਦੌਰਾਨ ਉਠਾਏ ਗਏ ਸਾਰੇ ਨੁਕਤਿਆਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਕਾਰਵਾਈ ਕੀਤੀ ਗਈ ਹੈ।
;
;
;
;
;
;
;