JALANDHAR WEATHER

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਤਕਾਲੀ ਜਥੇਦਾਰ ਭਾਈ ਕਾਉਂਕੇ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮ੍ਰਿਤਸਰ, 1 ਜਨਵਰੀ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਤਕਾਲੀ ਜਥੇਦਾਰ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਮਨਾਇਆ ਗਿਆ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਦਸੰਬਰ 1992 ਵਿਚ ਉਨ੍ਹਾਂ ਤੇ ਘਰੋਂ ਗ੍ਰਿਫ਼ਤਾਰ ਕਰਕੇ ਪੰਜਾਬ ਪੁਲਿਸ ਵਲੋਂ ਤਸ਼ੱਦਦ ਕਰਦਿਆਂ 1 ਜਨਵਰੀ 1993 ਨੂੰ ਸ਼ਹੀਦ ਕਰ ਦਿੱਤਾ ਗਿਆ ਸੀ। ਉਸ ਸਮੇਂ ਦੀ ਬੇਅੰਤ ਸਿੰਘ ਦੀ ਅਗਵਾਈ ਵਾਲੀ ਕਾਂਗਰਸੀ ਪੰਜਾਬ ਸਰਕਾਰ ਨੇ ਸਿੱਖਾਂ ਨੂੰ ਕੋਹ ਕੋਹ ਕੇ ਕਤਲ ਕੀਤਾ। ਭਾਵੇਂ ਕਿ ਸਰਕਾਰ ਨੇ ਝੂਠੀ ਕਹਾਣੀ ਬਣਾਉਣ ਦੀ ਕੋਝੀ ਹਰਕਤ ਕੀਤੀ ਕਿ ਭਾਈ ਕਾਉਂਕੇ ਉਨ੍ਹਾਂ ਦੀ ਹਿਰਾਸਤ ਵਿਚ ਨਹੀਂ ਹਨ ਪਰੰਤੂ ਸਮੇਂ ਦੇ ਚਸ਼ਮਦੀਦਾਂ ਨੇ ਸਭ ਕੁਝ ਦੇਖਿਆ ਹੋਇਆ ਸੀ, ਜਿਸ ਤੋਂ ਸੱਚ ਸਾਹਮਣੇ ਆਇਆ। ਉਹਨਾਂ ਕਿਹਾ ਕਿ ਭਾਈ ਕਾਉਂਕੇ ਨੂੰ ਸ਼ਹੀਦ ਕਰਨ ਵਾਲੇ ਦੋਸ਼ੀਆਂ ਨੂੰ ਅਜੇ ਤੱਕ ਸਜ਼ਾਵਾਂ ਨਹੀਂ ਮਿਲੀਆਂ, ਜੋ ਕਿ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਖਿਲਵਾੜ ਹੈ। ਹੁਣ ਜਦੋਂ ਦੇਸ਼ ਵਿਚ ਲੋਕਤੰਤਰ ਦਾ ਸਿਸਟਮ ਹੈ ਤੇ ਨਿਆਂ ਕਾਨੂੰਨ ਸਾਰਿਆਂ ਲਈ ਇਕੋ ਜਿਹਾ ਹੈ ਤਾਂ ਇਹ ਲਾਜ਼ਮੀ ਹੈ ਕਿ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਕਾਤਲਾਂ ਨੂੰ ਵੀ ਸਜ਼ਾਵਾਂ ਦਿੱਤੀਆਂ ਜਾਣ। ਸਿੱਖ ਕੌਮ ਹਮੇਸ਼ਾ ਹੀ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀ ਹੈ।


ਬੜੀ ਖੁਸ਼ੀ ਦੀ ਗੱਲ ਹੈ ਕਿ ਜਥੇਦਾਰ ਕਾਉਂਕੇ ਦਾ ਪੋਤਰਾ ਸ. ਅਵਜੋਤ ਸਿੰਘ ਸੋਹਣੀ ਦਸਤਾਰ ਸਜਾ ਕੇ ਅੱਜ ਅੰਮ੍ਰਿਤ ਵੇਲੇ ਤੋਂ ਹੀ ਸ੍ਰੀ ਦਰਬਾਰ ਸਾਹਿਬ ਵਿਖੇ ਆਇਆ ਹੋਇਆ ਹੈ। ਅੱਜ ਜਦੋਂ ਦੁਨੀਆ ਅੰਦਰ ਲੋਕ ਨਵੇਂ ਸਾਲ ਨੂੰ ਮਨਾ ਰਹੇ ਹਨ ਤਾਂ ਸਿੱਖ ਕੌਮ ਆਪਣੇ ਸ਼ਹੀਦ ਭਾਈ ਗੁਰਦੇਵ ਸਿੰਘ ਦਾ ਸ਼ਹੀਦੀ ਦਿਹਾੜਾ ਮਨਾ ਰਹੀ ਹੈ, ਜੋ ਸਾਡਾ ਸਰਮਾਇਆ ਹਨ।ਸਮਾਗਮ ਦੌਰਾਨ ਭਾਈ ਕਾਉਂਕੇ ਦੇ ਪਰਿਵਾਰਕ ਮੈਂਬਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਤੇ ਸੰਗਤ ਨੇ ਹਾਜ਼ਰੀ ਭਰੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ