ਕੇਂਦਰ ਸਰਕਾਰ ਦੀ ਨਵੀਂ ਮਨਰੇਗਾ ਸਕੀਮ ਗ਼ਰੀਬਾਂ 'ਤੇ ਭਾਰੀ ਪਏਗੀ : ਗਿਆਨੀ ਹਰਪ੍ਰੀਤ ਸਿੰਘ
ਚੰਡੀਗੜ੍ਹ, 1 ਜਨਵਰੀ (ਦਵਿੰਦਰ ਸਿੰਘ ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂਆਂ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਹੋਈ। ਇਸ ਮੀਟਿੰਗ ਵਿਚ ਅਹਿਮ ਮੁੱਦਿਆਂ ਉੱਤੇ ਵਿਚਾਰ ਚਰਚਾ ਕਰਨ ਉਪਰੰਤ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਲਿਆਂਦੀ ਗਈ ਨਵੀਂ ਮਨਰੇਗਾ ਸਕੀਮ ਵਿਰੁੱਧ ਉਹ ਮਜ਼ਦੂਰਾਂ ਅਤੇ ਗ਼ਰੀਬਾਂ ਦੇ ਹੱਕਾਂ ਦੀ ਰਾਖੀ ਲਈ ਹਰ ਸੰਘਰਸ਼ ਵਿਚ ਮਜ਼ਦੂਰ ਵਰਗ ਦੇ ਨਾਲ ਹਨ। ਗਿਆਨੀ ਹਰਪ੍ਰੀਤ ਸਿੰਘ ਹੋਰਾਂ ਨੇ ਪੰਥਕ ਏਕਤਾ ਦੀ ਗੱਲ ਕਰਦਿਆਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਬਾਦਲ ਧੜੇ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਸਤੀਫ਼ਾ ਦੇ ਦੇਣ ਤਾਂ ਮੈਂ ਵੀ ਅਸਤੀਫ਼ਾ ਦੇ ਦਵਾਂਗਾ ਅਤੇ ਅਸੀਂ ਸ਼੍ਰੋਮਣੀ ਅਕਾਲੀ ਦਲ ਵਿਚ ਚਲੇ ਜਾਵਾਂਗੇ।
ਉਨ੍ਹਾਂ ਕਿਹਾ ਕਿ ਅਸੀਂ ਕਿਸੇ ਵੀ ਪੱਖ ਤੋਂ ਪੰਥਕ ਏਕਤਾ ਦੇ ਖ਼ਿਲਾਫ਼ ਨਹੀਂ ਹਾਂ। ਪੰਜਾਬ ਸਰਕਾਰ ਵਲੋਂ ਐਸ.ਜੀ.ਪੀ.ਸੀ. ਦੇ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਕਰਨ ਉੱਤੇ ਗਿਆਨੀ ਹਰਪ੍ਰੀਤ ਸਿੰਘ ਨੇ ਸਪਸ਼ਟ ਤੌਰ 'ਤੇ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਥਕ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਅੱਗੇ ਕਿਹਾ ਕਿ ਪੰਥਕ ਮਾਮਲਿਆਂ ਜਾਂ ਫਿਰ ਐਸ.ਜੀ.ਪੀ.ਸੀ. ਦੇ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਕਰਨ ਦੀ ਪਿਰਤ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਸ਼ੁਰੂ ਕੀਤੀ ਸੀ , ਜਿਸ ਦਾ ਖਮਿਆਜ਼ਾ ਅੱਜ ਸਾਨੂੰ ਭੁਗਤਣਾ ਪੈ ਰਿਹਾ ਹੈ। ਇਸ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਗੁਰਪ੍ਰਤਾਪ ਸਿੰਘ ਵਡਾਲਾ , ਪਰਮਿੰਦਰ ਸਿੰਘ ਢੀਂਡਸਾ , ਸੁੱਚਾ ਸਿੰਘ ਛੋਟੇਪੁਰ ਤੋਂ ਇਲਾਵਾ ਮਨਪ੍ਰੀਤ ਸਿੰਘ ਇਆਲੀ ਵੀ ਮੌਜੂਦ ਸਨ।
;
;
;
;
;
;
;
;