ਜਲੰਧਰ ‘ਚ ਸੀਐਮ ਦੀ ਲੋਕ ਮਿਲਣੀ, ਕਿਹਾ- ਪੰਜਾਬ ਦੇ ਵਿਕਾਸ ਨੂੰ ਤੇਜ਼ ਕਰਨ ਲਈ ਪ੍ਰੇਰਕ ਦਾ ਕੰਮ ਕਰਨਗੀਆਂ ਲੋਕ ਮਿਲਣੀਆਂ
ਜਲੰਧਰ, 12 ਜਨਵਰੀ- ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ‘ਚ ਲੋਕ ਮਿਲਣੀ ਰਾਹੀਂ ਵੱਖ—ਵੱਖ ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਧੀਰਜ ਨਾਲ ਸੁਣਿਆ। ਅਜਿਹੀ ਸਿੱਧੀ ਗੱਲਬਾਤ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਦਾ ਧੁਰਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਫ਼ਤ ਬਿਜਲੀ ਅਤੇ ਵੱਡੇ ਪੱਧਰ ਉੱਤੇ ਰੋਜ਼ਗਾਰ ਤੋਂ ਲੈ ਕੇ ਸਿਹਤ ਸੰਭਾਲ ਅਤੇ ਸਿੱਖਿਆ ਸੁਧਾਰਾਂ ਤੱਕ ਨਿਰੰਤਰ ਲੋਕ—ਪੱਖੀ ਪਹਿਲਕਦਮੀਆਂ ਆਮ ਪਰਿਵਾਰਾਂ ਉੱਤੇ ਬੋਝ ਨੂੰ ਲਗਾਤਾਰ ਘਟਾ ਰਹੀਆਂ ਹਨ ਅਤੇ ਪੰਜਾਬ ਨੂੰ ਦੇਸ਼ ਵਿਚ ਮੋਹਰੀ ਸੂਬੇ ਵਜੋਂ ਆਪਣੀ ਸਥਿਤੀ ਮੁੜ ਪ੍ਰਾਪਤ ਕਰਨ ਦੇ ਰਾਹ ਉੱਪਰ ਮਜ਼ਬੂਤੀ ਨਾਲ ਅੱਗੇ ਵਧਾ ਰਹੀਆਂ ਹਨ।
ਜਲੰਧਰ ਦੇ ਵੱਖ—ਵੱਖ ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਮਿਲਣੀਆਂ ਸ਼ਾਸਨ ਦਾ ਇਕ ਨਿਯਮਤ ਹਿੱਸਾ ਹੋਣਗੀਆਂ ਕਿਉਂਕਿ ਇਹ ਸਰਕਾਰ ਨੂੰ ਜ਼ਮੀਨੀ ਹਕੀਕਤਾਂ ਨੂੰ ਸਮਝਣ ਅਤੇ ਜਨਤਕ ਸ਼ਿਕਾਇਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਵਿਚ ਮਦਦ ਕਰਦੀਆਂ ਹਨ। ਮੁੱਖ ਮੰਤਰੀ ਨੇ ਕਿਹਾ, “ਇਨ੍ਹਾਂ ਲੋਕ ਮਿਲਣੀਆਂ ਦਾ ਮੂਲ ਉਦੇਸ਼ ਪੂਰੀ ਪ੍ਰਕਿਰਿਆ ਨੂੰ ਸੁਚਾਰੂ ਬਣਾ ਕੇ ਲੋਕਾਂ ਨੂੰ ਦਰਪੇਸ਼ ਮੁੱਦਿਆਂ ਨੂੰ ਹੱਲ ਕਰਨਾ ਹੈ, ਜਿਸ ਨਾਲ ਸੂਬੇ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਮਿਲੇਗਾ। ਸਾਡੀ ਸਰਕਾਰ ਹਰੇਕ ਨਾਗਰਿਕ ਨੂੰ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਜਵਾਬਦੇਹ ਸ਼ਾਸਨ ਮੁਹੱਈਆ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਉਣ ਲਈ ਸਖ਼ਤ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ, “ਅਸੀਂ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਾਂ। ਉਹ ਦਿਨ ਦੂਰ ਨਹੀਂ, ਜਦੋਂ ਇਨ੍ਹਾਂ ਨਿਰੰਤਰ ਯਤਨਾਂ ਸਦਕਾ ਪੰਜਾਬ ਇਕ ਵਾਰ ਫਿਰ ਦੇਸ਼ ਵਿੱਚ ਮੋਹਰੀ ਸੂਬੇ ਵਜੋਂ ਉਭਰੇਗਾ।”
ਆਪਣੀ ਸਰਕਾਰ ਦੇ ਚਿਰਕਾਲੀ ਦ੍ਰਿਸ਼ਟੀਕੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ‘ਰੰਗਲਾ ਪੰਜਾਬ’ ਬਣਾਉਣ ਲਈ ਵਿਆਪਕ ਯੋਜਨਾ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ “ਪਿਛਲੇ ਮੁੱਖ ਮੰਤਰੀ ਆਪਣੇ ਮਹਿਲ ਤੱਕ ਸੀਮਤ ਰਹੇ ਪਰ ਮੈਂ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਸੂਬੇ ਦੇ ਹਰ ਕੋਨੇ—ਕੋਨੇ ਦਾ ਦੌਰਾ ਕਰ ਰਿਹਾ ਹਾਂ। ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗੀ ਤਾਂ ਜੋ ਵਿਕਾਸ ਅਤੇ ਖ਼ੁਸ਼ਹਾਲੀ ਨੂੰ ਹੋਰ ਗਤੀ ਮਿਲੇ।” ਮੁੱਖ ਮੰਤਰੀ ਨੇ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨਾ ਅਤੇ ਸੰਪੂਰਨ ਵਿਕਾਸ ਲਈ ਰਣਨੀਤੀ ਤਿਆਰ ਕਰਨਾ ਹੈ। ਉਨ੍ਹਾਂ ਕਿਹਾ, “ਇਸ ਪ੍ਰੋਗਰਾਮ ਦਾ ਦੇਸ਼ ਭਰ ਵਿਚ ਕੋਈ ਸਾਨ੍ਹੀ ਨਹੀਂ। ਕੋਈ ਹੋਰ ਸੂਬਾ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਦਰਵਾਜ਼ੇ ਉੱਤੇ ਜਾ ਕੇ ਹੱਲ ਕਰਨ ਲਈ ਇੰਨਾ ਸਮਾਂ ਨਹੀਂ ਕੱਢਦੀ। ਲੋਕ ਮਿਲਣੀਆਂ ਨਾ ਸਿਰਫ਼ ਜਨਤਕ ਮੁੱਦਿਆਂ ਦੇ ਜਲਦੀ ਹੱਲ ਨੂੰ ਯਕੀਨੀ ਬਣਾਉਂਦੀਆਂ ਹਨ, ਸਗੋਂ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਵਿੱਚ ਵੀ ਮਦਦਗਾਰ ਹਨ।” ਇਸ ਨੂੰ ਮੌਜੂਦਾ ਜ਼ਰੂਰਤਾਂ ਦੇ ਅਨੁਕੂਲ ਇਕ ਲੋਕ—ਪੱਖੀ ਪਹਿਲਕਦਮੀ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਮਿਲਣੀ ਨਾਗਰਿਕਾਂ ਨੂੰ ਉਨ੍ਹਾਂ ਦੇ ਰੋਜ਼ਾਨਾ ਦੇ ਕੰਮ ਨੂੰ ਆਸਾਨੀ ਨਾਲ ਕਰਨ ਵਿੱਚ ਸਹਾਇਤਾ ਕਰਦੀ ਹੈ ਅਤੇ ਚੰਗੇ ਸ਼ਾਸਨ ਨੂੰ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ, “ਇਹ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿਚ ਮਦਦਗਾਰ ਹੈ ਅਤੇ ਪ੍ਰਸ਼ਾਸਨ ਨੂੰ ਜ਼ਮੀਨੀ ਹਕੀਕਤਾਂ ਦੀ ਸਪੱਸ਼ਟ ਸਮਝ ਪ੍ਰਦਾਨ ਕਰਦੀ ਹੈ। ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਲੋਕਾਂ ਦੇ ਦਰਵਾਜ਼ਿਆਂ ਉੱਤੇ ਪਹੁੰਚੇ। ਅਸੀਂ ਵਿਕਾਸ ਨੂੰ ਤੇਜ਼ ਕਰਨ ਅਤੇ ਖ਼ੁਸ਼ਹਾਲੀ ਵਧਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਾਂ।”
;
;
;
;
;
;