JALANDHAR WEATHER

ਝੂਠੇ ਪਰਚਿਆਂ ਖ਼ਿਲਾਫ਼ ਡੀ.ਸੀ. ਦਫ਼ਤਰ ਅੰਮ੍ਰਿਤਸਰ ਸਾਹਿਬ ਵਿਖੇ ਵਿਸ਼ਾਲ ਰੋਸ ਮੁਜ਼ਾਹਰਾ

ਅੰਮ੍ਰਿਤਸਰ, 27 ਫਰਵਰੀ- “ਪ੍ਰੈੱਸ ਦੀ ਆਜ਼ਾਦੀ ਬਹਾਲ ਕਰੋ ਸੰਘਰਸ਼ ਕਮੇਟੀ” ਦੇ ਸੱਦੇ ’ਤੇ ਅੱਜ 27 ਫਰਵਰੀ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਡੀ.ਸੀ. ਦਫ਼ਤਰ ਸਾਹਮਣੇ ਜ਼ੁਬਾਨਬੰਦੀ ਅਤੇ ਦਬਾਊ ਨੀਤੀਆਂ ਦੇ ਵਿਰੋਧ ਵਿਚ ਵਿਸ਼ਾਲ ਮੁਜ਼ਾਹਰਾ ਕੀਤਾ ਗਿਆ। ਇਸ ਮੁਜ਼ਾਹਰੇ ਵਿਚ ਵੱਖ-ਵੱਖ ਜਨਤਕ ਜਥੇਬੰਦੀਆਂ, ਪੱਤਰਕਾਰਾਂ, ਕਾਰਕੁੰਨਾਂ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਅਤੇ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੀ ਮੰਗ ਕੀਤੀ।

ਸੰਘਰਸ਼ ਕਮੇਟੀ ਵਲੋਂ ਦੱਸਿਆ ਗਿਆ ਕਿ ਪੱਤਰਕਾਰ ਮਨਿੰਦਰ ਸਿੱਧੂ, ਆਰਟੀਆਈ ਕਾਰਕੁੰਨ ਮਾਨਿਕ ਗੋਇਲ, ਮਨਦੀਪ ਮੱਕੜ, ਮਿੰਟੂ ਗੂਰੂਸਰੀਆ ਸਮੇਤ ਕਰੀਬ 10 ਲੋਕਾਂ ਖ਼ਿਲਾਫ਼ ਗੈਰ-ਜ਼ਮਾਨਤੀ ਧਾਰਾਵਾਂ ਹੇਠ ਦਰਜ ਕੀਤੇ ਗਏ ਪਰਚੇ ਲੋਕਤੰਤਰਕ ਅਧਿਕਾਰਾਂ ’ਤੇ ਸਿੱਧਾ ਹਮਲਾ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਆਜ਼ਾਦ ਮੀਡੀਆ ਚੈਨਲਾਂ ਨੂੰ ਦਬਾਉਣ ਅਤੇ ਬੰਦ ਕਰਵਾਉਣ ਦੀਆਂ ਕੋਸ਼ਿਸ਼ਾਂ ਨਿੰਦਣਯੋਗ ਹਨ। ਬਠਿੰਡਾ ਤੋਂ ਬਾਅਦ ਅੰਮ੍ਰਿਤਸਰ ਸਾਹਿਬ ਵਿਚ ਕੀਤਾ ਗਿਆ ਇਹ ਦੂਜਾ ਵਿਸ਼ਾਲ ਮੁਜ਼ਾਹਰਾ ਹੈ। ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਵਿਚ ਬੋਲਣ ਦੀ ਆਜ਼ਾਦੀ ਨੂੰ ਕੁਚਲਿਆ ਜਾ ਰਿਹਾ ਹੈ ਅਤੇ ਸੱਚ ਸਾਹਮਣੇ ਲਿਆਉਣ ਵਾਲੇ ਪੱਤਰਕਾਰਾਂ ਅਤੇ ਕਾਰਕੁੰਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜਵਾਬਦੇਹੀ ਦੇਣ ਦੀ ਬਜਾਏ ਸਵਾਲ ਪੁੱਛਣ ਵਾਲਿਆਂ ਨੂੰ ਝੂਠੇ ਪਰਚਿਆਂ ਅਤੇ ਦਬਾਉ  ਨੀਤੀ ਰਾਹੀਂ ਚੁੱਪ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੁਲਾਰਿਆਂ ਨੇ ਕਿਹਾ ਕਿ ਡਿਜੀਟਲ ਮਾਧਿਅਮਾਂ ’ਤੇ ਵੀ ਦਬਾਅ ਬਣਾਇਆ ਜਾ ਰਿਹਾ ਹੈ ਅਤੇ ਪੱਤਰਕਾਰਾਂ ਅਤੇ ਕਾਰਕੁੰਨਾਂ ਦੇ ਸੋਸ਼ਲ ਮੀਡੀਆ ਪੇਜਾਂ ਅਤੇ ਚੈਨਲਾਂ ’ਤੇ ਝੂਠੀਆਂ ਕਾਪੀਰਾਈਟ ਸਟਰਾਈਕਾਂ ਕਰਵਾ ਕੇ ਉਨ੍ਹਾਂ ਦੀ ਆਵਾਜ਼ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਥੋਂ ਤੱਕ ਕਿ ਜਨਤਕ ਬਿਆਨਾਂ ਅਤੇ ਤਸਵੀਰਾਂ ’ਤੇ ਵੀ ਸਟਰਾਈਕਾਂ ਮਾਰ ਕੇ ਸਮੱਗਰੀ ਹਟਵਾਉਣ ਦੇ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪੱਤਰਕਾਰਾਂ ਨੂੰ ਤਲਬ ਕਰਨਾ, ਉਨ੍ਹਾਂ ਦੇ ਪਰਿਵਾਰਾਂ ਨੂੰ ਦਬਾਉਣਾ ਅਤੇ ਸੋਸ਼ਲ ਮੀਡੀਆ ’ਤੇ ਉਨ੍ਹਾਂ ਦੀ ਆਵਾਜ਼ ਨੂੰ ਰੋਕਣਾ ਪ੍ਰੈੱਸ ਦੀ ਆਜ਼ਾਦੀ ’ਤੇ ਗੰਭੀਰ ਹਮਲਾ ਹੈ। ਇਹ ਰੁਝਾਨ ਲੋਕਤੰਤਰ ਲਈ ਖਤਰਨਾਕ ਹੈ ਅਤੇ ਇਸਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਮੌਕੇ ਐਸਡੀਐਮ -2 ਗੁਰੰਮਦਰ ਸਿੰਘ , ਐਸਪੀ ਹਰਪਾਲ ਸਿੰਘ ਅਤੇ ਹੋਰ ਪ੍ਰਸ਼ਸ਼ਨਿਕ ਅਧਿਕਾਰੀਆਂ ਨੇ ਪਹੁੰਚ ਕੇ ਮੰਗ ਪੱਤਰ ਲਿਆ ਅਤੇ ਕਿਹਾ ਕਿ ਮੁੱਖ ਮੰਤਰੀ ਤੱਕ ਸਾਰੀਆਂ ਮੰਗਾਂ ਪਹੁੰਚਾ ਕੇ ਕਮੇਟੀ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾਣਗੀਆਂ। ਇਸ ਮੌਕੇ ਵੱਡੇ ਪੱਧਰ ਤੇ ਜਨਤਕ ਜਥੇਬੰਦੀਆਂ ਹਾਜ਼ਰ ਸਨ, ਜਿਨ੍ਹਾਂ ਵਿੱਚ ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਕਿਸਾਨ ਮਜਦੂਰ ਸੰਘਰਸ਼ ਕਮੇਟੀ, ਭਾਕਿਯੂ ਡਕੌਂਦਾ (ਧਨੇਰ), ਭਾਕਿਯੂ ਡਕੌਂਦਾ (ਬੁਰਜਗਿੱਲ), ਨੌਜਵਾਨ ਭਾਰਤ ਸਭਾ, ਪੰਜਾਬ ਸਟੂਡੈਂਟਸ ਯੂਨੀਅਨ, ਜਮਹੂਰੀ ਅਧਿਕਾਰ ਸਭਾ, ਤਰਕਸ਼ੀਲ ਸੋਸਾਇਟੀ, ਪੀ ਆਰ ਟੀ ਸੀ ਪਨਬਸ ਕੰਟਰੈਕਟ ਵਰਕਰਜ ਯੂਨੀਅਨ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਡੇਮੋਕ੍ਰੇਟਿਕ ਟੀਚਰਜ਼ ਯੂਨੀਅਨ, ਡੇਮੋਕ੍ਰੇਟਿਕ ਮੁਲਾਜ਼ਮ ਮੋਰਚਾ, ਆਸ਼ਾ ਵਰਕਰਜ ਯੂਨੀਅਨ,ਇਫਟੂ, ਸੀ ਟੀ ਯੂ ਪੰਜਾਬ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਬੇਰੁਜਗਾਰ ਸਾਂਝਾ ਮੋਰਚਾ, ਤਰਕਸ਼ੀਲ ਸੋਸਾਇਟੀ,ਟੈਕਨੀਕਲ ਸਰਵਿਸਿਜ਼ ਯੂਨੀਅਨ, ਭਾਕਿਯੂ ਕ੍ਰਾਂਤੀਕਾਰੀ ਪੰਜਾਬ,ਗੁਰੂਨਾਨਕ ਦੇਵ ਯੂਨੀਵਰਸਿਟੀ ਪੈਨਸ਼ਨਰਜ਼ ਐਸੋਸੀਏਸ਼ਨ, ਕੁੱਲ ਹਿੰਦ ਕਿਸਾਨ ਸਭਾ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ, ਸ਼ਹੀਦ ਭਗਤ ਸਿੰਘ ਪ੍ਰੈੱਸ ਐਸੋਸੀਏਸ਼ਨ, ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ, ਗੁਰੂ ਰਾਮਦਾਸ ਸਿੰਘ ਸਭਾ, ਆਦਿ ਸ਼ਾਮਲ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ