ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਸਖਤ ਕਾਨੂੰਨ ਬਣਾਇਆ ਜਾਵੇ- ਗਿਆਨੀ ਹਰਪ੍ਰੀਤ ਸਿੰਘ
ਪਟਿਆਲਾ, 18 ਮਾਰਚ – ਸਮਾਣਾ ਵਿਖੇ ਲੱਗੇ ਸਰਬ ਧਰਮ ਮੋਰਚੇ ਵਲੋਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਵਿਰੁੱਧ ਸਖਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਦੇ ਦਫ਼ਤਰ ਮਿੰਨੀ ਸਕੱਤਰੇਤ ਵਿਖੇ ਸਾਂਝਾ ਧਰਨਾ ਲਗਾਇਆ ਗਿਆ। ਇਸ ਧਰਨੇ ਵਿਚ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਅਤੇ ਆਗੂਆਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਅਕਾਲੀ ਦਲ ਮੁੜ ਸਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਲਗਾਤਾਰ ਹੋ ਰਹੀਆਂ ਬੇਅਦਬੀਆਂ ਸਿੱਖ ਕੌਮ ਦੇ ਮਾਨ-ਸਨਮਾਨ ਨੂੰ ਢਾਹ ਲਾ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰਾਂ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀਆਂ ਹਨ, ਜਿਸ ਕਾਰਨ ਅਜਿਹੀਆਂ ਘਟਨਾਵਾਂ ਵਿਚ ਵਾਧਾ ਹੋ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਸਰਵ ਉੱਚਤਾ ਨੂੰ ਕਦੇ ਵੀ ਨੀਵਾਂ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਜੇਕਰ ਸਰਕਾਰ ਵਲੋਂ ਜਲਦੀ ਸਖ਼ਤ ਕਾਨੂੰਨ ਨਾ ਬਣਾਇਆ ਗਿਆ ਤਾਂ ਅਗਲਾ ਧਰਨਾ ਚੰਡੀਗੜ੍ਹ ਵਿਚ ਮੁੱਖ ਮੰਤਰੀ ਦੀ ਕੋਠੀ ਸਾਹਮਣੇ ਦਿੱਤਾ ਜਾਵੇਗਾ।
ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਮਾਣਾ ਵਿਚ ਲੰਮੇ ਸਮੇਂ ਤੋਂ ਸਰਬ ਧਰਮ ਮੋਰਚਾ ਚੱਲ ਰਿਹਾ ਹੈ, ਜਿਸ ਵਿਚ ਗੁਰੂ ਗ੍ਰੰਥ ਸਾਹਿਬ ਜੀ ਸਮੇਤ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਕੰਨ ‘ਤੇ ਜੂੰ ਨਹੀਂ ਸਰਕ ਰਹੀ ਅਤੇ ਉਲਟਾ ਸੰਗਤਾਂ ‘ਤੇ ਦਬਾਅ ਬਣਾਇਆ ਜਾ ਰਿਹਾ ਹੈ।
ਧਰਨੇ ਦੌਰਾਨ ਸੰਗਤਾਂ ਵਲੋਂ ਇਕਮਤ ਹੋ ਕੇ ਫੈਸਲਾ ਕੀਤਾ ਗਿਆ ਕਿ ਜੇਕਰ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਚੰਡੀਗੜ੍ਹ ਵਿਚ ਵੱਡਾ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਸਤਵਿੰਦਰ ਸਿੰਘ ਟੌਹੜਾ, ਜਗਜੀਤ ਸਿੰਘ ਕੋਹਲੀ ਸਮੇਤ ਹੋਰ ਆਗੂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।
;
;
;
;
;
;
;
;
;