ਯੂ.ਕੇ.ਦੇ ਐਮ.ਪੀ. ਬੀਬੀ ਪ੍ਰੀਤ ਕੌਰ ਗਿੱਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਯੂ.ਕੇ. ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ. ਬੀਬੀ ਪ੍ਰੀਤ ਕੌਰ ਗਿੱਲ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਤਮਸਤਕ ਹੋਣ ਉਪਰੰਤ ਉਹ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵੀ ਪੁੱਜੇ, ਜਿਥੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਐਡਵੋਕੇਟ ਧਾਮੀ ਨੇ ਬੀਬੀ ਪ੍ਰੀਤ ਕੌਰ ਗਿੱਲ ਨੂੰ ਜੀ ਆਇਆਂ ਆਖਿਆ ਅਤੇ ਸ਼੍ਰੋਮਣੀ ਕਮੇਟੀ ਵਲੋਂ ਸਿਰੋਪਾਓ ਤੇ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਬੀਬੀ ਗਿੱਲ ਨੇ ਸ਼੍ਰੋਮਣੀ ਕਮੇਟੀ ਵਲੋਂ ਮਿਲੇ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ। ਐਮ.ਪੀ. ਬਣਨ ਮਗਰੋਂ ਉਹ ਗੁਰੂ ਸਾਹਿਬ ਦਾ ਸ਼ੁਕਰਾਨਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਵਿਸ਼ਵ ਅੰਦਰ ਬਣੇ ਮੌਜੂਦਾ ਜੰਗ ਦੇ ਹਾਲਾਤ ਸੁਖਾਵੇਂ ਹੋਣ ਅਤੇ ਸਮੁੱਚਾ ਵਿਸ਼ਵ ਸ਼ਾਂਤੀ ਨਾਲ ਵਧੇ ਫੁੱਲੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਦਲਜੀਤ ਸਿੰਘ ਭਿੰਡਰ, ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਅਜਮੇਰ ਸਿੰਘ ਖੇੜਾ, ਪ੍ਰਿਤਪਾਲ ਸਿੰਘ ਪਾਲੀ, ਭਾਈ ਅਜੈਬ ਸਿੰਘ ਅਭਿਆਸੀ, ਬੀਬੀ ਪਰਮਜੀਤ ਕੌਰ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ ਤੇ ਹੋਰ ਮੌਜੂਦ ਸਨ।
;
;
;
;
;
;