JALANDHAR WEATHER

ਐੱਨ.ਸੀ.ਬੀ. ਅਧਿਕਾਰੀਆਂ ’ਤੇ ਹੋਵੇ ਸਖ਼ਤ ਕਾਰਵਾਈ- ਜਥੇਦਾਰ ਗੜਗੱਜ

ਅੰਮ੍ਰਿਤਸਰ, 29 ਮਾਰਚ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਆਪਣੇ ਜੰਮੂ ਦੌਰੇ ਮੌਕੇ ਬੀਤੇ ਦਿਨੀਂ ਨਾਰਕੋਟਿਕਸ ਕੰਟ੍ਰੋਲ ਬਿਊਰੋ (ਐੱਨ.ਸੀ.ਬੀ.) ਦੀ ਹਿਰਾਸਤ ’ਚ ਅੰਮ੍ਰਿਤਸਰ ਵਿਖੇ ਤਸ਼ੱਦਦ ਕਰਕੇ ਕਤਲ ਕੀਤੇ ਗਏ ਬਾਰਡਰ ਸੁਰੱਖਿਆ ਫੋਰਸ (ਬੀ.ਐੱਸ.ਐੱਫ.) ਦੇ ਸਿੱਖ ਜਵਾਨ ਸ. ਜਸਵਿੰਦਰ ਸਿੰਘ ਦੇ ਘਰ ਪਹੁੰਚੇ। ਉਨ੍ਹਾਂ ਦੇ ਪਰਿਵਾਰ ਦੀ ਗੱਲਬਾਤ ਸੁਣੀ ਅਤੇ ਉਨ੍ਹਾਂ ਨੂੰ ਹੌਸਲਾ ਦਿੱਤਾ ਕਿ ਸਮੁੱਚਾ ਖ਼ਾਲਸਾ ਪੰਥ ਇਨਸਾਫ਼ ਦੀ ਲੜਾਈ ’ਚ ਉਨ੍ਹਾਂ ਦੇ ਨਾਲ ਹੈ। ਜੰਮੂ ਦੇ ਆਰ.ਐੱਸ. ਪੁਰਾ ਖੇਤਰ ’ਚ ਮਹਲੋਵਾਲ ਵਿਖੇ ਇਕ ਗੁਰਮਤਿ ਸਮਾਗਮ ਦੌਰਾਨ ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਅਤੇ ਸੂਬਾ ਸਰਕਾਰ ਨੂੰ ਸ. ਜਸਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਸ. ਜਸਵਿੰਦਰ ਸਿੰਘ ਉੱਤੇ ਐੱਨ.ਸੀ.ਬੀ ਦੀ ਹਿਰਾਸਤ ’ਚ ਬਹੁਤ ਭਾਰੀ ਤਸ਼ੱਦਦ ਕਰਕੇ ਉਨ੍ਹਾਂ ਦਾ ਕਤਲ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ. ਜਸਵਿੰਦਰ ਸਿੰਘ ਦੇ ਸਰੀਰ ਉੱਤੇ ਪਰਿਵਾਰ ਵਲੋਂ ਭਾਰੀ ਤਸ਼ੱਦਦ ਦੇ ਨਿਸ਼ਾਨ ਦੇਖੇ ਗਏ ਹਨ, ਜਿਸ ਦੇ ਸਬੂਤ ਵੀ ਮੌਜੂਦ ਹਨ, ਇਸ ਲਈ ਇਸ ਮਾਮਲੇ ’ਚ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਕਤਲ ਲਈ ਐੱਨ.ਸੀ.ਬੀ. ਦੇ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਪਰਚਾ ਦਰਜ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਐੱਨ.ਸੀ.ਬੀ ਵੱਲੋਂ ਆਪਣੇ ਆਪ ਹੀ ਅਦਾਲਤ ਬਣ ਕੇ ਸਿੱਖ ਜਵਾਨ ਉੱਤੇ ਤਸ਼ੱਦਦ ਕਰਨਾ ਅਤੇ ਇਕ ਮਾਂ ਦਾ ਪੁੱਤਰ ਕਤਲ ਕਰਨਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਵਰਤਾਰਾ ਹੈ ਕਿ ਬਾਰਡਰ ਦੀ ਰੱਖਿਆ ਕਰਦਾ ਸਿੱਖ ਜਵਾਨ ਵੀ ਸੁਰੱਖਿਅਤ ਨਹੀਂ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਪੂਰੇ ਮਾਮਲੇ ਵਿੱਚ ਸਥਿਤੀ ਸਪੱਸ਼ਟ ਕਰਦਿਆਂ ਦੋਸ਼ੀ ਐੱਨ.ਸੀ.ਬੀ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜੇਕਰ ਦੋਸ਼ੀ ਐੱਨ.ਸੀ.ਬੀ. ਅਧਿਕਾਰੀਆਂ ਵਿਰੁੱਧ ਸਰਕਾਰ ਵਲੋਂ ਕਾਰਵਾਈ ਨਾ ਕੀਤੀ ਗਈ ਤਾਂ ਸਮੁੱਚਾ ਖ਼ਾਲਸਾ ਪੰਥ ਇਸ ਮਾਮਲੇ ’ਚ ਆਪਣੀ ਆਵਾਜ਼ ਬੁਲੰਦ ਕਰੇਗਾ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਹੁਣ ਤੱਕ ਜੰਮੂ ਇਲਾਕੇ ਦੇ ਕਿਸੇ ਵੀ ਰਾਜਨੀਤਕ ਆਗੂ ਨੇ ਸ. ਜਸਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅਵਾਜ਼ ਨਹੀਂ ਉਠਾਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ