ਸ਼੍ਰੋਮਣੀ ਕਮੇਟੀ ਨੇ 6 ਅਪ੍ਰੈਲ ਨੂੰ ਸੱਦੀ ਸਿੱਖ ਜਥੇਬੰਦੀਆਂ ਦੀ ਇਕੱਤਰਤਾ - ਐਡਵੋਕੇਟ ਧਾਮੀ
ਚੰਡੀਗੜ੍ਹ/ ਅੰਮ੍ਰਿਤਸਰ, 30 ਮਾਰਚ (ਪ੍ਰੋਫੈਸਰ ਅਵਤਾਰ ਸਿੰਘ/ ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਦੁਆਰਾ ਬੇਅਦਬੀਆਂ ਸੰਬੰਧੀ ਕਾਨੂੰਨ ਬਣਾਏ ਜਾਣ ਦੇ ਸੰਬੰਧ ਵਿਚ 6 ਅਪ੍ਰੈਲ ਨੂੰ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਮੁੱਚੀਆਂ ਸਿੱਖ ਜਥੇਬੰਦੀਆਂ ਦੀ ਇਕੱਤਰਤਾ ਬੁਲਾਈ ਹੈ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਚੰਡੀਗੜ੍ਹ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਮਗਰੋਂ ਮੀਡੀਆ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ, ਜਿਸ ਉੱਤੇ ਸਾਂਝੀ ਪੰਥਕ ਰਾਇ ਜਰੂਰੀ ਹੈ। ਇਸ ਲਈ ਸ਼੍ਰੋਮਣੀ ਕਮੇਟੀ ਵਲੋਂ ਸਮੂਹ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਦਮਦਮੀ ਟਕਸਾਲ, ਸਿੱਖ ਸੰਸਥਾਵਾਂ, ਸਿੱਖ ਵਿਦਵਾਨਾਂ, ਸਿੱਖ ਜੱਜਾਂ ਤੇ ਵਕੀਲਾਂ, ਸਿੱਖ ਮਿਸ਼ਨਰੀ ਕਾਲਜਾਂ, ਸਿੰਘ ਸਭਾਵਾਂ, ਸਿੱਖ ਫੈਡਰੇਸ਼ਨਾਂ, ਸਮੂਹ ਸਿੱਖ ਸੰਪਰਦਾਵਾਂ ਦੇ ਮੁਖੀਆਂ, ਨਿਰਮਲੇ, ਉਦਾਸੀ, ਸੇਵਾ ਪੰਥੀ ਤੇ ਕਾਰਸੇਵਾ ਵਾਲੇ ਮਹਾਂਪੁਰਸ਼ਾਂ ਨਾਲ ਸਾਂਝੀ ਇਕੱਤਰਤਾ 6 ਅਪ੍ਰੈਲ ਨੂੰ ਸਵੇਰੇ ਮੁੱਖ ਦਫ਼ਤਰ ਵਿਖੇ ਕੀਤੀ ਜਾਵੇਗੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ 2025 ਲਈ ਸਲੈਕਟ ਕਮੇਟੀ ਬਣਾਈ ਸੀ ਜਿਸ ਵੱਲੋਂ ਮੰਗੇ ਸੁਝਾਅ ਲਈ ਸ਼੍ਰੋਮਣੀ ਕਮੇਟੀ ਦੀ ਉਚ ਪੱਧਰੀ ਕਮੇਟੀ ਨੇ ਕਈ ਵਾਰ ਰਾਬਤਾ ਕਰਕੇ ਕੁਝ ਜਵਾਬ ਮੰਗੇ ਸਨ। ਵਾਰ ਵਾਰ ਪੱਤਰ ਲਿਖਣ ਮਗਰੋਂ ਵੀ ਸਰਕਾਰ ਨੇ ਕਿਸੇ ਤਰ੍ਹਾਂ ਦੀ ਜਾਣਕਾਰੀ ਨਹੀਂ ਦਿੱਤੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਹੁਣ ਸਰਕਾਰ ਵਲੋਂ ਜਾਗਤ ਜੋਤ ਐਕਟ 2008 ਵਿਚ ਸੋਧ ਦੀ ਗੱਲ ਕਰਕੇ ਨਵੀਂ ਦੁਬਿਧਾ ਖੜ੍ਹੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸੰਦਰਭ ਨੂੰ ਵੀ ਵਿਚਾਰਨਾ ਬੇਹੱਦ ਜਰੂਰੀ ਹੈ ਕਿ ਸਰਕਾਰ ਵਲੋਂ ਬਣਾਇਆ ਜਾਣ ਵਾਲਾ ਕਨੂੰਨ ਕੇਵਲ ਪੰਜਾਬ ਸੂਬੇ ਤੱਕ ਲਾਗੂ ਰਹੇਗਾ ਜਦਕਿ ਦੂਜੇ ਸੂਬਿਆਂ ਵਿਚ ਜੇਕਰ ਬੇਅਦਬੀ ਦੀ ਘਟਨਾ ਵਾਪਰਦੀ ਹੈ ਤਾਂ ਇਸ ਨੂੰ ਉਥੇ ਲਾਗੂ ਕਿਵੇਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਸਦੀ ਗਈ ਇਕੱਤਰਤਾ ਲਈ ਸਾਰੀਆਂ ਸਿੱਖ ਜਥੇਬੰਦੀਆਂ ਦੇ ਆਗੂਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਦਾ ਪੱਤਰ ਵੀ ਭੇਜਿਆ ਜਾਵੇਗਾ।
;
;
;
;
;
;
;