ਬੁੜੈਲ ‘ਚ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਬੇਨਕਾਬ
ਚੰਡੀਗੜ੍ਹ, 31 ਮਾਰਚ (ਸੰਦੀਪ ਕੁਮਾਰ ਮਾਹਨਾ) - ਜਿਥੇ ਇਕ ਪਾਸੇ ਪ੍ਰਸ਼ਾਸ਼ਨ ਵਲੋਂ ਵਪਾਰਕ ਗੈਸ ਸਿਲੰਡਰਾਂ ਦੀ ਸਪਲਾਈ ਨੂੰ ਲੈ ਕੇ ਸਖ਼ਤੀ ਕੀਤੀ ਜਾ ਰਹੀ ਹੈ, ਉਸ ਦੇ ਚਲਦਿਆਂ ਵਪਾਰਕ ਅਦਾਰਿਆਂ ਨੂੰ ਗੈਸ ਸਿਲੰਡਰ ਦੀ ਜਗ੍ਹਾ ਦੂਜੇ ਵਸੀਲਿਆਂ ਦੀ ਵਰਤੋਂ ਕਾਰਨ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੀ ਪ੍ਰਸ਼ਾਸ਼ਨ ਦੀ ਸਖ਼ਤੀ ਕਾਰਨ ਇਨ੍ਹਾਂ ਵਪਾਰਕ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਦੀ ਪੂਰੀ ਚਾਂਦੀ ਹੈ। ਅਜਿਹਾ ਹੀ ਇਕ ਮਾਮਲਾ ਚੰਡੀਗੜ੍ਹ ਦੇ ਬੁੜੈਲ ਇਲਾਕੇ ਵਿਚ ਸਾਹਮਣੇ ਆਇਆ, ਜਿਥੇ ਵਪਾਰਕ ਗੈਸ ਸਿਲੰਡਰ 4500 ਰੁਪਏ ਵਿਚ ਵੇਚਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ।
ਇਸ ਸੰਬੰਧੀ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਸ਼ਾਦਾਬ ਰਾਠੀ ਵਲੋਂ ਕੀਤੇ ਗਏ ਖੁਲਾਸੇ ਅਨੁਸਾਰ ਗੈਸ ਏਜੰਸੀਆਂ ਦੀ ਮਿਲੀਭੁਗਤ ਨਾਲ ਚੱਲ ਰਹੀ ਇਸ ਗੈਰਕਾਨੂੰਨੀ ਗਤੀਵਿਧੀ ਦਾ ਖੁਲਾਸਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜਿਹੜਾ ਘਰੇਲੂ ਗੈਸ ਸਿਲੰਡਰ ਸਰਕਾਰੀ ਦਰ ਮੁਤਾਬਕ ਕਰੀਬ 1600 ਵਿਚ ਮਿਲਣਾ ਚਾਹੀਦਾ ਹੈ, ਉਹ ਹੀ ਸਿਲੰਡਰ ਆਮ ਜਨਤਾ ਨੂੰ 4500 ਤੱਕ ਵੇਚਿਆ ਜਾ ਰਿਹਾ ਸੀ। ਉਨ੍ਹਾਂ ਮੁਤਾਬਕ ਇਸ ਸਾਰੇ ਮਾਮਲੇ 'ਚ ਦਰਮਿਆਨੇ ਸਪਲਾਇਰਾਂ ਅਤੇ ਏਜੰਟਾਂ ਦੀ ਭੂਮਿਕਾ ਸ਼ੱਕ ਦੇ ਘੇਰੇ ਵਿਚ ਹੈ, ਜੋ ਗੈਸ ਏਜੰਸੀਆਂ ਤੋਂ ਸਪਲਾਈ ਲੈ ਕੇ ਅੱਗੇ ਕਾਲੇ ਬਾਜ਼ਾਰ ਵਿਚ ਮਹਿੰਗੇ ਭਾਅ ’ਤੇ ਵੇਚ ਰਹੇ ਹਨ।
ਸ਼ਾਦਾਬ ਰਾਠੀ ਨੇ ਕਿਹਾ ਕਿ ਇਹ ਮਾਮਲਾ ਬਹੁਤ ਹੀ ਗੰਭੀਰ ਹੈ, ਕਿਉਂਕਿ ਇਸ ਨਾਲ ਸਿੱਧਾ ਆਮ ਲੋਕਾਂ ਦੀ ਜੇਬ ’ਤੇ ਡਾਕਾ ਪੈ ਰਿਹਾ ਹੈ। ਗਰੀਬ ਅਤੇ ਮੱਧ ਵਰਗ ਦੇ ਲੋਕਾਂ ਨਾਲ ਇਸ ਤਰ੍ਹਾਂ ਦੀ ਲੁੱਟ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਪ੍ਰਸ਼ਾਸਨ ਅਤੇ ਸੰਬੰਧਿਤ ਵਿਭਾਗਾਂ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ’ਚ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ, ਨਾਲ ਹੀ ਜ਼ਿੰਮੇਵਾਰ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਵੀ ਜਵਾਬਦੇਹ ਬਣਾਇਆ ਜਾਵੇ ਤਾਂ ਜੋ ਭਵਿੱਖ ’ਚ ਇਸ ਤਰ੍ਹਾਂ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਪੂਰੀ ਤਰ੍ਹਾਂ ਰੋਕ ਲਗ ਸਕੇ।
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਵਲੋਂ ਤੁਰੰਤ ਕਾਰਵਾਈ ਕੀਤੀ ਗਈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਗੈਰ-ਕਾਨੂੰਨੀ ਤਰੀਕੇ ਨਾਲ ਇਕੱਠੇ ਕੀਤੇ ਗਏ ਗੈਸ ਸਿਲੰਡਰਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਇਸ ਘਟਨਾ ਨਾਲ ਜਿਥੇ ਕਾਲਾਬਾਜ਼ਾਰੀ ਦੇ ਗੰਭੀਰ ਮਾਮਲੇ ਸਾਹਮਣੇ ਆਏ ਹਨ, ਉੱਥੇ ਹੀ ਪ੍ਰਸ਼ਾਸਨਿਕ ਲਾਪਰਵਾਹੀ ’ਤੇ ਵੀ ਵੱਡੇ ਸਵਾਲ ਖੜੇ ਹੋ ਰਹੇ ਹਨ। ਲੰਬੇ ਸਮੇਂ ਤੋਂ ਚੱਲ ਰਹੀ ਇਸ ਗੈਰ-ਕਾਨੂੰਨੀ ਗਤੀਵਿਧੀ ਦੇ ਬਾਵਜੂਦ ਸੰਬੰਧਿਤ ਵਿਭਾਗਾਂ ਵਲੋਂ ਕੋਈ ਢੁੱਕਵੀਂ ਕਾਰਵਾਈ ਨਾ ਹੋਣਾ ਚਿੰਤਾਜਨਕ ਹੈ।
;
;
;
;
;
;
;
;