ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਹੋਣ ਦੇ ਨਾਲ ਹੀ ਵਿਸਾਖੀ ਜੋੜ ਮੇਲ ਰਸਮੀ ਤੌਰ 'ਤੇ ਆਰੰਭ
ਤਲਵੰਡੀ ਸਾਬੋ (ਬਠਿੰਡਾ), 12 ਅਪ੍ਰੈਲ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ) - ਸਿੱਖ ਕੌਮ ਦੇ ਚੌਥੇ ਤਖ਼ਤ,ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਹੋਣ ਦੇ ਨਾਲ ਹੀ ਵਿਸਾਖੀ ਜੋੜ ਮੇਲ ਰਸਮੀ ਤੌਰ 'ਤੇ ਆਰੰਭ ਹੋ ਗਿਆ।ਗੁ: ਦਮਦਮਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੀ ਅਰਦਾਸ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕੀਤੀ।ਆਰੰਭਤਾ ਸਮਾਗਮਾਂ ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ।ਗੱਲਬਾਤ ਦੌਰਾਨ ਸਿੰਘ ਸਾਹਿਬ ਨੇ ਕਿਹਾ ਕਿ ਖ਼ਾਲਸਾ ਸਾਜਨਾ ਦਿਵਸ ਮੌਕੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਅੱਜ ਤੋਂ ਤਖ਼ਤ ਸਾਹਿਬ ਵਿਖੇ ਸ਼ੁਰੂ ਹੋ ਗਏ ਹਨ।13 ਅਪ੍ਰੈਲ ਨੂੰ ਦਸਤਾਰ ਦਿਵਸ ਮਨਾਉਂਦੇ ਹੋਏ ਤਖ਼ਤ ਸਾਹਿਬ ਵਿਖੇ ਦਸਤਾਰਾਂ ਦਾ ਲੰਗਰ ਲਗਾਇਆ ਜਾਵੇਗਾ।ਸਿੰਘ ਸਾਹਿਬ ਮੁਤਾਬਿਕ ਜੋ ਵੀ ਪ੍ਰਾਣੀ ਇਸ ਦਿਨ ਪ੍ਰਣ ਕਰੇਗਾ ਕਿ ਉਹ ਰੋਮਾਂ ਦੀ ਬੇਅਦਬੀ ਨਹੀਂ ਕਰੇਗਾ ਉਸ ਦੇ ਸਿਰ 'ਤੇ ਧਾਰਮਿਕ ਸਖਸ਼ੀਅਤਾਂ ਖ਼ੁਦ ਦਸਤਾਰ ਸਜਾਉਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਸਮਾਗਮ 14 ਅਪ੍ਰੈਲ ਨੂੰ ਹੋਣਗੇ, ਜਿਨ੍ਹਾਂ ਵਿਚ ਪੰਥ ਪ੍ਰਸਿੱਧ ਰਾਗੀ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਨਗੇ ਜਦੋਂਕਿ ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਉਣਗੇ।ਉਨ੍ਹਾਂ ਨੇ ਸੰਗਤਾਂ ਨੂੰ ਖ਼ਾਲਸਾ ਸਾਜਨਾ ਦਿਵਸ ਸਮਾਗਮਾਂ ਚ ਵਧ ਚੜ ਕੇ ਪੁੱਜਣ ਦੀ ਅਪੀਲ ਕੀਤੀ ਹੈ।ਓਧਰ ਤਖ਼ਤ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਨੇ ਕਿਹਾ ਕਿ ਜੋੜ ਮੇਲ ਦੌਰਾਨ ਦੇਸ਼ ਵਿਦੇਸ਼ ਤੋਂ ਸੰਗਤਾਂ ਦੀ ਭਾਰੀ ਆਮਦ ਨੂੰ ਦੇਖਦਿਆਂ ਰਿਹਾਇਸ਼ ਅਤੇ ਲੰਗਰਾਂ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
;
;
;
;
;
;
;
;