JALANDHAR WEATHER

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਵਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ

ਆਕਲੈਂਡ/ਸ੍ਰੀ ਅੰਮ੍ਰਿਤਸਰ, 19 ਅਪ੍ਰੈਲ - ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਅੱਜ ਆਕਲੈਂਡ ਦੇ ਓਟਾਹੂਹੂ ਵਿਚ ਸਥਿਤ ਗੁਰੂ ਨਾਨਕ ਸਿੱਖ ਸੰਗਤ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਨਿਊਜ਼ੀਲੈਂਡ ਵਿਚ ਵੱਸਦੇ ਸਿੱਖ ਭਾਈਚਾਰੇ ਅਤੇ ਹੋਰ ਭਾਈਚਾਰਿਆਂ ਅੰਦਰ ਆਪਸੀ ਸਾਂਝ ਅਤੇ ਇਤਫ਼ਾਕ ਸੰਬੰਧੀ ਵਿਚਾਰਾਂ ਹੋਈਆਂ। ਉਨ੍ਹਾਂ ਨਿਊਜ਼ੀਲੈਂਡ ਅੰਦਰ ਸਿੱਖਾਂ ਵੱਲੋਂ ਇਥੋਂ ਦੇ ਵਿਕਾਸ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਸੰਬੰਧੀ ਵੀ ਵਿਚਾਰ ਕੀਤੇ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਊਜ਼ੀਲੈਂਡ ਸਰਕਾਰ ਵਲੋਂ ਸਿੱਖਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮਾਨਤਾ ਅਤੇ ਮਾਣ ਸਨਮਾਨ ਦੇਣ ਲਈ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਦਾ ਧੰਨਵਾਦ ਕੀਤਾ।
ਉਨ੍ਹਾਂ ਪ੍ਰਧਾਨ ਮੰਤਰੀ ਲਕਸਨ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਦਾ ਸੱਦਾ ਦਿੱਤਾ, ਜਿਸ ਨੂੰ ਉਨ੍ਹਾਂ ਖੁਸ਼ੀ ਨਾਲ ਪ੍ਰਵਾਨ ਕੀਤਾ। ਮੁਲਾਕਾਤ ਦੌਰਾਨ ਜਥੇਦਾਰ ਗੜਗੱਜ ਨੇ ਪ੍ਰਧਾਨ ਮੰਤਰੀ ਲਕਸਨ ਨੂੰ ਤੋਹਫੇ ਵਜੋਂ ਇਕ ਮਾਡਲ ਦਿੱਤਾ ਗਿਆ ਅਤੇ ਪ੍ਰਧਾਨ ਮੰਤਰੀ ਨੇ ਵੀ ਜਥੇਦਾਰ ਗੜਗੱਜ ਨੂੰ ਤੋਹਫੇ ਵਿਚ ਘੜੀ ਦਿੱਤੀ। ਇਸ ਮੌਕੇ ਟਾਕਾਨੀਨੀ ਦੀ ਸੰਸਦ ਮੈਂਬਰ ਰੀਮਾ ਨਾਕ੍ਹਲੇ, ਸੈਂਟਰਲ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਦੇ ਬੁਲਾਰੇ ਦਲਜੀਤ ਸਿੰਘ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਮੀਡੀਆ ਸਲਾਹਕਾਰ ਜਸਕਰਨ ਸਿੰਘ ਆਦਿ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ