ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਬਿੱਲ 2026 'ਤੇ ਰਾਜਪਾਲ ਪੰਜਾਬ ਵਲੋਂ ਦਸਤਖ਼ਤ
ਚੰਡੀਗੜ੍ਹ, 19 ਅਪ੍ਰੈਲ (ਪ੍ਰੋ ਅਵਤਾਰ ਸਿੰਘ) - ਪੰਜਾਬ ਵਿਧਾਨ ਸਭਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਪੰਜਾਬ ਵਿਧਾਨ ਸਭਾ 'ਚ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਬਿੱਲ 2026 'ਪਾਸ ਕੀਤਾ ਗਿਆ ਸੀ। ਇਹ ਮਹੱਤਵਪੂਰਨ ਬਿੱਲ ਹੁਣ ਕਾਨੂੰਨ ਬਣ ਗਿਆ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਦਸਤਖ਼ਤ ਕਰਨ ਉਪਰੰਤ ਇਹ ਕਾਨੂੰਨ ਲਾਗੂ ਹੋ ਗਿਆ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਅਕਾਊਂਟ "ਐਕਸ" ਤੇ ਟਵੀਟ ਕਰਦਿਆਂ ਇਸ ਨੂੰ ਪੰਜਾਬ ਲਈ ਇਤਿਹਾਸਕ ਦਿਨ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਧਾਰਮਿਕ ਅਦਬ ਅਤੇ ਭਾਵਨਾਵਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨਾਲ ਬੇਅਦਬੀ ਵਰਗੀਆਂ ਘਟਨਾਵਾਂ ’ਤੇ ਸਖ਼ਤ ਰੋਕ ਲੱਗੇਗੀ ਅਤੇ ਦੋਸ਼ੀਆਂ ਖ਼ਿਲਾਫ਼ ਕੜੀ ਕਾਰਵਾਈ ਯਕੀਨੀ ਬਣਾਈ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਇਹ ਫ਼ੈਸਲਾ ਸਿਰਫ਼ ਕਾਨੂੰਨੀ ਨਹੀਂ, ਸਗੋਂ ਪੰਜਾਬ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਸੰਵੇਦਨਸ਼ੀਲ ਮਾਮਲਾ ਹੈ। ਉਨ੍ਹਾਂ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਹ ਸੰਭਵ ਹੋ ਸਕਿਆ ਹੈ।ਮੁੱਖ ਮੰਤਰੀ ਨੇ ਇਹ ਵੀ ਆਖਿਆ ਕਿ ਵਾਹਿਗੁਰੂ ਦੀ ਕਿਰਪਾ ਨਾਲ ਇਹ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਜਿਸ ਲਈ ਉਹ ਹਮੇਸ਼ਾ ਆਭਾਰੀ ਰਹਿਣਗੇ। ਪੰਜਾਬ ਸਰਕਾਰ ਭਵਿੱਖ ਵਿਚ ਵੀ ਧਾਰਮਿਕ ਸਥਾਨਾਂ ਦੀ ਮਰਿਆਦਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਰਹੇਗੀ।
;
;
;
;
;
;
;
;