JALANDHAR WEATHER

ਟਰਾਲੀ ਮਾਮਲੇ ਨੂੰ ਲੈ ਕੇ ਵਿਵਾਦ ਹੋਰ ਤੇਜ਼, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਗਾਇਕ ਖ਼ਿਲਾਫ਼ ਪ੍ਰੈਸ ਕਾਨਫ਼ਰੰਸ

ਟਾਂਡਾ ਉੜਮੁੜ (ਹੁਸ਼ਿਆਰਪੁਰ), 20 ਅਪ੍ਰੈਲ (ਭਗਵਾਨ ਸਿੰਘ ਸੈਣੀ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼ਹਿਰ ਟਾਂਡਾ ਵਿਚ ਅੱਜ ਟਰਾਲੀ ਮਾਮਲੇ ਨੂੰ ਲੈ ਕੇ ਵਿਵਾਦ ਹੋਰ ਤੇਜ਼ ਹੋ ਗਿਆ, ਜਦੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਭੁੱਲਾ ਦੀ ਅਗਵਾਈ ਹੇਠ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਜ਼ੈਲਦਾਰ ਇਨੋਵੇਸ਼ਨ ਦੇ ਐਮ.ਡੀ. ਮਲਕੀਤ ਸਿੰਘ ਸਮੇਤ ਕਈ ਕਿਸਾਨ ਆਗੂ ਮੌਜੂਦ ਰਹੇ।
ਪ੍ਰੈਸ ਵਾਰਤਾ ਦੌਰਾਨ ਆਗੂਆਂ ਨੇ ਬੀਤੇ ਦਿਨ ਇੱਕ ਨਾਮੀ ਗਾਇਕ “ਬਾਗੀ” ਨੇ ਸਟੇਜ ‘ਤੇ ਗਾਏ ਗੀਤ ‘ਚ ਵਰਤੀ ਗਈ ਭੱਦੀ ਸ਼ਬਦਾਵਲੀ ‘ਤੇ ਕੜੀ ਨਾਰਾਜ਼ਗੀ ਜਤਾਈ। ਉਨ੍ਹਾਂ ਕਿਹਾ ਕਿ ਗੀਤ ਦੇ ਰਾਹੀਂ ਸਿੱਧਾ ਚੈਲੈਂਜ ਕੀਤਾ ਗਿਆ ਹੈ ਅਤੇ ਟਰਾਲੀਆਂ ਨਾਲ ਜੁੜੇ ਮਸਲਿਆਂ ‘ਤੇ ਅਪਮਾਨਜਨਕ ਸ਼ਬਦ ਵਰਤੇ ਗਏ ਹਨ, ਜਿਸ ਨਾਲ ਕਿਸਾਨ ਵਰਗ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਪਰਮਜੀਤ ਸਿੰਘ ਭੁੱਲਾ ਨੇ ਤਿੱਖੇ ਲਹਿਜ਼ੇ ਵਿੱਚ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਗਾਇਕ ਵਲੋਂ ਵਰਤੀ ਗਈ ਭੱਦੀ ਸ਼ਬਦਾਵਲੀ ਲਈ ਜਲਦੀ ਮਾਫ਼ੀ ਨਾ ਮੰਗੀ ਗਈ ਤਾਂ ਉਸ ਨੂੰ ਉਸੇ ਹੀ ਅੰਦਾਜ਼ ਵਿਚ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਵਰਗ ਦੀ ਇੱਜ਼ਤ ਨਾਲ ਖੇਡਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਸ ਮੌਕੇ ਮਲਕੀਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਗਾਇਕ ਬਾਗੀ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪੱਖ ਨੂੰ ਇਨਸਾਫ਼ ਦਿਵਾਇਆ ਜਾਵੇ।
ਅੰਤ ਵਿੱਚ ਪਰਮਜੀਤ ਸਿੰਘ ਭੁੱਲਾ ਨੇ ਕਿਹਾ ਕਿ ਜੇ ਸਮੇਂ ਰਹਿੰਦਿਆਂ ਗਾਇਕ ਵੱਲੋਂ ਮਾਫ਼ੀ ਨਹੀਂ ਮੰਗੀ ਗਈ ਤਾਂ ਆਉਣ ਵਾਲੇ ਦਿਨਾਂ ਵਿਚ ਇਹ ਸੰਘਰਸ਼ ਵੱਡੇ ਪੱਧਰ ‘ਤੇ ਚਲਾਇਆ ਜਾਵੇਗਾ। ਇਸ ਮੌਕੇ ਹੋਰ ਵੀ ਕਿਸਾਨ ਆਗੂ ਅਤੇ ਸਮਰਥਕ ਵੱਡੀ ਗਿਣਤੀ ਵਿਚ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ